MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ
Thursday, Mar 28, 2024 - 12:11 PM (IST)
ਜਲੰਧਰ (ਗੁਲਸ਼ਨ)– ਲੋਕ ਸਭਾ ਚੋਣਾਂ ਨੇੜੇ ਆਉਣ ਨਾਲ ਸਿਆਸੀ ਪਾਰਟੀਆਂ ਵਿਚ ਹਲਚਲ ਤੇਜ਼ ਹੋ ਗਈ ਹੈ। ਇਸੇ ਲੜੀ ਵਿਚ ਭਾਜਪਾ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਹੋਂਦ ਡਗਮਗਾ ਗਈ ਹੈ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਪਹਿਲਾਂ ਹੀ ਹਾਸ਼ੀਏ ’ਤੇ ਚੱਲ ਰਹੇ ਹਨ ਪਰ ਭਾਰਤੀ ਜਨਤਾ ਪਾਰਟੀ ਇਕ ਵਾਰ ਫਿਰ ਮਜ਼ਬੂਤ ਹੁੰਦੀ ਜਾ ਰਹੀ ਹੈ।
ਬੀਤੇ ਦਿਨੀਂ ਕਾਂਗਰਸ ਦੇ ਦਿੱਗਜ ਸੰਸਦ ਮੈਂਬਰ ਅਤੇ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਵੈਸਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ, ਜਦਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਲੋਕ ਸਭਾ ਤੋਂ ਦੋਬਾਰਾ ਆਪਣਾ ਉਮੀਦਵਾਰ ਐਲਾਨਿਆ ਸੀ।
ਕੁਝ ਦਿਨ ਪਹਿਲਾਂ ਹੀ ਰਿੰਕੂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਸਨ ਪਰ ਅੱਜ ਉਨ੍ਹਾਂ ਅਟਕਲਾਂ ’ਤੇ ਉਸ ਸਮੇਂ ਪੂਰੀ ਤਰ੍ਹਾਂ ਰੋਕ ਲੱਗ ਗਈ, ਜਦੋਂ ਸੰਸਦ ਮੈਂਬਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਨਵੀਂ ਦਿੱਲੀ ਵਿਚ ਸੀਨੀਅਰ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿਚ ਭਾਜਪਾ ਜੁਆਇਨ ਕਰ ਲਈ। ਭਾਜਪਾ ਹੁਣ ਇਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਆਪਣਾ ਉਮੀਦਵਾਰ ਬਣਾਏਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਸ਼ਾਮਲ
ਉਥੇ ਹੀ ਦੂਜੇ ਪਾਸੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸੁਸ਼ੀਲ ਰਿੰਕੂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਸਿਰਫ ਜਲੰਧਰ ਹੀ ਨਹੀਂ, ਸਗੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਇਸ ਦਾ ਅਸਰ ਵੇਖਣ ਨੂੰ ਮਿਲੇਗਾ। ਲੋਕ ਸਭਾ ਚੋਣਾਂ ਵਿਚ ਭਾਜਪਾ ਅਹੁਦੇਦਾਰ ਅਤੇ ਵਰਕਰ ਵੀ ਮੋਦੀ ਸਰਕਾਰ ਦੀਆਂ ਉਪਲੱਬਧੀਆਂ ਨੂੰ ਭੁਨਾਉਣ ਵਿਚ ਪੂਰੀ ਤਰ੍ਹਾਂ ਤਿਆਰ ਹਨ। ਉਹ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਜੰਮੂ-ਕਸ਼ਮੀਰ ਵਿਚ ਧਾਰਾ 370 ਖਤਮ ਕਰਨ, ਅਯੁੱਧਿਆ ਧਾਮ ਵਿਚ ਵਿਸ਼ਾਲ ਸ਼੍ਰੀ ਰਾਮ ਮੰਦਰ ਦਾ ਨਿਰਮਾਣ ਕਰਨ, ਦੇਸ਼ ਦੇ 1550 ਤੋਂ ਜ਼ਿਆਦਾ ਰੇਲਵੇ ਸਟੇਸ਼ਨਾਂ ਦਾ ਕਾਇਆ-ਕਲਪ ਕਰਨ, ਵੰਦੇ ਭਾਰਤ ਟਰੇਨਾਂ ਚਲਾਉਣ, ਦੇਸ਼ ਵਿਚ ਇਨਫਰਾਸਟਰੱਕਚਰ ਨੂੰ ਮਜ਼ਬੂਤ ਕਰਨ, ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਵਰਗੇ ਮੁੱਦੇ ਜਨਤਾ ਵਿਚ ਲਿਜਾ ਰਹੇ ਹਨ।
ਇਹ ਵੀ ਪੜ੍ਹੋ: ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ, ਦੱਸਿਆ ਕਿਉਂ ਛੱਡੀ ਆਮ ਆਦਮੀ ਪਾਰਟੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8