ਮਾਨਸਿਕ ਪ੍ਰੇਸ਼ਾਨੀ ਕਾਰਨ ਔਰਤ ਨੇ ਲਿਆ ਫਾਹਾ
Monday, May 13, 2024 - 05:17 PM (IST)

ਅਬੋਹਰ (ਸੁਨੀਲ) : ਪਿੰਡ ਰੁਹੇੜਿਆਂਵਾਲੀ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਸਹਾਇਕ ਸਬ ਇੰਸਪੈਕਟਰ ਕੁਲਦੀਪ ਸਿੰਘ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਰਾਜਸਥਾਨ ਦੇ ਪਿੰਡ ਪੀਲੀਬੰਗਾ ਵਾਸੀ ਕਰੀਬ 23 ਸਾਲਾ ਜਸਪ੍ਰੀਤ ਕੌਰ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਪਿੰਡ ਰੁਹੇੜਿਆਂਵਾਲੀ ਦੇ ਰਹਿਣ ਵਾਲੇ ਰਾਜਦੀਪ ਸਿੰਘ ਨਾਲ ਹੋਇਆ ਸੀ, ਜਦੋਂ ਜਸਪ੍ਰੀਤ ਕੌਰ ਘਰ ’ਚ ਇਕੱਲੀ ਸੀ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਸ ਦੌਰਾਨ ਜਦੋਂ ਗੁਆਂਢੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਸ ਨੂੰ ਸੂਚਿਤ ਕੀਤਾ। ਸਹਾਇਕ ਸਬ-ਇੰਸਪੈਕਟਰ ਕੁਲਦੀਪ ਨੇ ਦੱਸਿਆ ਕਿ ਮ੍ਰਿਤਕਾ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਮ੍ਰਿਤਕਾ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕਾ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਦਵਾਈ ਵੀ ਲੈ ਰਹੀ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।