11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ

Monday, May 25, 2026 - 02:11 PM (IST)

11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਦੀ ਵੀ. ਆਈ. ਪੀ. ਰੋਡ ਸਥਿਤ ਸਵਿੱਤਰੀ ਗ੍ਰੀਨ-1 ਸੁਸਾਇਟੀ ’ਚ ਸ਼ਨੀਵਾਰ ਦੇਰ ਰਾਤ ਕਰੀਬ 12:45 ਵਜੇ ਇਕ ਔਰਤ ਦੀ ਸ਼ੱਕੀ ਹਾਲਾਤਾਂ ’ਚ 11ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਸੁਸਾਇਟੀ ਤੇ ਆਲੇ-ਦੁਆਲੇ ਦੇ ਖੇਤਰ ’ਚ ਸਨਸਨੀ ਫੈਲ ਗਈ, ਜਦੋਂ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਕੰਚਨ ਗੁਪਤਾ ਪਤਨੀ ਸਤੀਸ਼ ਕੁਮਾਰ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ ਕਰੀਬ 47-48 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਨਾਲ ਸਵਿੱਤਰੀ ਗ੍ਰੀਨ-1 ਦੇ ਫਲੈਟ ਨੰਬਰ 1102 ’ਚ ਰਹਿ ਰਹੀ ਸੀ। ਮ੍ਰਿਤਕਾ ਆਪਣੇ ਪਿੱਛੇ 19 ਸਾਲ ਦਾ ਪੁੱਤਰ ਤੇ 17 ਸਾਲ ਦੀ ਧੀ ਛੱਡ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਅਚਾਨਕ ਮਹਿਲਾ ਦੇ ਟਾਵਰ ਦੀ 11ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਖੇਤਰ ’ਚ ਹੜਕੰਪ ਮਚ ਗਿਆ। ਸਥਾਨਕ ਨਿਵਾਸੀਆਂ ਵੱਲੋਂ ਤੁਰੰਤ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ। ਏ. ਐੱਸ. ਆਈ. ਰਵਿੰਦਰ ਸਿੰਘ ਸਮੇਤ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ। ਪੁਲਸ ਅਨੁਸਾਰ ਹੁਣ ਤੱਕ ਘਟਨਾ ਦੇ ਕਾਰਨਾਂ ਸਬੰਧੀ ਕੋਈ ਅਧਿਕਾਰਿਕ ਸਿੱਟਾ ਸਾਹਮਣੇ ਨਹੀਂ ਆਇਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਤਸਵੀਰ ਸਪੱਸ਼ਟ ਹੋਵੇਗੀ ਅਤੇ ਉਸੇ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News