ਸੱਪ ਦੇ ਡੰਗ ਮਾਰਨ ਕਾਰਨ ਔਰਤ ਦੀ ਮੌਤ

Thursday, Aug 14, 2025 - 10:58 AM (IST)

ਸੱਪ ਦੇ ਡੰਗ ਮਾਰਨ ਕਾਰਨ ਔਰਤ ਦੀ ਮੌਤ

ਫਾਜ਼ਿਲਕਾ (ਕ੍ਰਿਸ਼ਨ) : ਫਾਜ਼ਿਲਕਾ ਦੇ ਪਿੰਡ ਗੁੱਦੜ ਭੈਣੀ ’ਚ ਸੱਪ ਦੇ ਡੰਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਔਰਤ ਪਰਮਜੀਤ ਕੌਰ (35) ਦੇ ਪਤੀ ਰਾਮ ਸਿੰਘ ਨਿਵਾਸੀ ਪਿੰਡ ਗੁੱਦੜ ਭੈਣੀ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਬੀਤੀ ਦੁਪਹਿਰ ਖੇਤ ’ਚ ਆਪਣੇ ਰੋਜ਼ਾਨਾ ਦੇ ਕੰਮਕਾਰ ਕਰ ਰਹੀ ਸੀ। ਇਸ ਦੌਰਾਨ ਅਚਾਨਕ ਉਸ ਨੂੰ ਸੱਪ ਨੇ ਡੰਗ ਮਾਰ ਦਿੱਤਾ। ਇਸ ਬਾਰੇ ਉਨ੍ਹਾਂ ਨੂੰ ਸ਼ਾਮ ਨੂੰ ਉਸ ਸਮੇਂ ਪਤਾ ਲੱਗਿਆ, ਜਦੋਂ ਉਸ ਦੀ ਹਾਲਤ ਕਾਫੀ ਖ਼ਰਾਬ ਹੋ ਗਈ।

ਇਸ ਤੋਂ ਬਾਅਦ ਉਸ ਨੂੰ ਪਿੰਡ ਦੇ ਇਕ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਉਸ ਦਾ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਸ਼ਹਿਰ ਲੈ ਕੇ ਜਾਣ ਲਈ ਕਹਿ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੂੰ ਫਾਜ਼ਿਲਕਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਬਾਰੇ ਜੱਟੂ ਸਿੰਘ ਸਾਬਕਾ ਸਰਪੰਚ ਪਿੰਡ ਗੁੱਦੜ ਭੈਣੀ ਅਤੇ ਸੁਰਜੀਤ ਸਿੰਘ ਸਾਬਕਾ ਸਰਪੰਚ ਪਿੰਡ ਘੁਰਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਸ਼ਾਮ ਜਦੋਂ ਇਸ ਘਟਨਾ ਬਾਰੇ ਪਤਾ ਚੱਲਿਆ ਤਾਂ ਉਹ ਉਨ੍ਹਾਂ ਦੇ ਘਰ ਪਹੁੰਚੇ।

ਇਸ ਦੌਰਾਨ ਜਦੋਂ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਮ੍ਰਿਤਕਾ ਦੀ ਤਬੀਅਤ ਬਹੁਤ ਜ਼ਿਆਦਾ ਵਿਗੜ ਚੁੱਕੀ ਸੀ। ਇਸ ਤੋਂ ਬਾਅਦ ਉਸ ਨੂੰ ਫਾਜ਼ਿਲਕਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾ ਦੇ ਦੋ ਬੱਚੇ ਇਕ ਪੁੱਤਰ ਅਤੇ ਇਕ ਧੀ ਹਨ। ਉਨ੍ਹਾਂ ਨੇ ਸਰਕਾਰ ਤੋਂ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੀ ਮਦਦ ਕਰਨ ਦੀ ਮੰਗ ਕੀਤੀ ਹੈ।


author

Babita

Content Editor

Related News