ਜਲੰਧਰ: ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਲਾਇਆ ਮੌਤ ਨੂੰ ਗਲੇ

Wednesday, Feb 23, 2022 - 04:26 PM (IST)

ਜਲੰਧਰ: ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਲਾਇਆ ਮੌਤ ਨੂੰ ਗਲੇ

ਜਲੰਧਰ (ਮਹੇਸ਼)– ਸਹੁਰਿਆਂ ਤੋਂ ਤੰਗ ਆ ਕੇ ਪੇਕੇ ਘਰ ਰਹਿੰਦੀ ਵਿਆਹੁਤਾ ਨੇ ਸਲਫ਼ਾਸ ਦੀਆਂ ਗੋਲ਼ੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰਸਨਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨਿਵਾਸੀ ਗਣੇਸ਼ ਨਗਰ, ਰਾਮਾ ਮੰਡੀ, ਜਲੰਧਰ ਵਜੋਂ ਹੋਈ ਹੈ। ਐੱਸ. ਐੱਚ. ਓ. ਰਾਮਾ ਮੰਡੀ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦਕੋਹਾ (ਨੰਗਲਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਮਨਪ੍ਰੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕਾ ਰਸਨਜੀਤ ਕੌਰ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਦੇ ਪਿਤਾ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ ਰਸਨਜੀਤ ਕੌਰ ਦੇ ਪਤੀ ਹਰਦੇਵ ਸਿੰਘ ਪੁੱਤਰ ਜਗਤਾਰ ਸਿੰਘ, ਸੱਸ ਸੁਰਜੀਤ ਕੌਰ ਪਤਨੀ ਜਗਤਾਰ ਸਿੰਘ ਅਤੇ ਨਣਾਨ ਰੁਪਿੰਦਰ ਕੌਰ ਰੂਬੀ ਤਿੰਨੋਂ ਨਿਵਾਸੀ ਮੁਹੱਲਾ ਸੰਤਪੁਰਾ, ਥਾਣਾ ਸਿਟੀ ਕਪੂਰਥਲਾ ਖ਼ਿਲਾਫ਼ ਧਾਰਾ 304-ਬੀ ਅਤੇ 34 ਆਈ. ਪੀ. ਸੀ. ਤਹਿਤ ਥਾਣਾ ਰਾਮਾ ਮੰਡੀ ਵਿਚ 39 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਐੱਸ. ਐੱਚ. ਓ. ਜਤਿੰਦਰ ਕੁਮਾਰ ਸ਼ਰਮਾ ਅਨੁਸਾਰ ਪੁਲਸ ਨੇ ਰਸਨਜੀਤ ਕੌਰ ਦੇ ਪਤੀ ਹਰਦੇਵ ਸਿੰਘ ਅਤੇ ਸੱਸ ਸੁਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਮੁਲਜ਼ਮ ਨਣਾਨ ਰੁਪਿੰਦਰ ਕੌਰ ਰੂਬੀ ਫ਼ਰਾਰ ਹੈ, ਜਿਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਬੁੱਧਵਾਰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅਮਰੀਕਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਕਪੂਰਥਲਾ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਮ੍ਰਿਤਕਾ ਰਸਨਜੀਤ ਕੌਰ ਦੇ ਪਿਤਾ ਜਸਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਨ੍ਹਾਂ ਆਪਣੀ ਧੀ ਦਾ ਵਿਆਹ 12 ਫਰਵਰੀ 2017 ਨੂੰ ਹਰਦੇਵ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਧੀ ਨੂੰ ਉਸ ਦੇ ਸਹੁਰਿਆਂ ਨੇ ਦਾਜ ਦੀ ਮੰਗ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਰਸਨਜੀਤ ਆਪਣੇ ਪੇਕੇ ਘਰ ਆ ਕੇ ਰਹਿਣ ਲੱਗੀ। ਉਸਦਾ ਇਕ 4 ਸਾਲ ਦਾ ਬੇਟਾ ਵੀ ਹੈ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਉਨ੍ਹਾਂ ਦੀ ਧੀ ਰਸਨਜੀਤ ਕਿਸੇ ਕੰਮ ਮਾਡਲ ਟਾਊਨ ਗਈ ਸੀ ਤੇ ਰਾਤੀਂ ਲਗਭਗ 9.30 ਵਜੇ ਉਸ ਨੇ ਘਰ ਵਿਚ ਹੀ ਸਲਫ਼ਾਸ ਦੀਆਂ ਗੋਲ਼ੀਆਂ ਖਾ ਲਈਆਂ ਅਤੇ ਬੇਹੋਸ਼ ਹੋ ਗਈ। ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਰਸਨਜੀਤ ਕੌਰ ਦਾ ਆਪਣੇ ਪਤੀ ਹਰਦੇਵ ਸਿੰਘ ਨਾਲ ਤਲਾਕ ਦਾ ਕੇਸ ਵੀ ਮਾਣਯੋਗ ਅਦਾਲਤ ਵਿਚ ਚੱਲ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕੁੱਟਮਾਰ, ਹਾਲਤ ਨਾਜ਼ੁਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News