ਪੁਲਸ ਵੱਲੋਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਕੁੱਟ-ਮਾਰ ਦਾ ਮਾਮਲਾ ਭਖਿਆ

02/23/2018 7:57:51 AM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ  (ਸੁਖਪਾਲ, ਪਵਨ, ਦਰਦੀ) - ਸੂਬੇ ਭਰ 'ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਫੂਕੇ ਜਾ ਰਹੇ ਪੁਤਲਿਆਂ ਦੌਰਾਨ ਕਈ ਥਾਵਾਂ 'ਤੇ ਪੰਜਾਬ ਪੁਲਸ ਵੱਲੋਂ ਸ਼ਰੇਆਮ ਵਰਕਰਾਂ ਤੇ ਹੈਲਪਰਾਂ ਨਾਲ ਗੁੰਡਾਗਰਦੀ ਤੇ ਬਦਸਲੂਕੀ ਕੀਤੀ ਗਈ ਹੈ। ਇਸ ਕਰ ਕੇ ਇਹ ਮਾਮਲਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ। ਇਸ ਰੋਸ ਵਜੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੁਲਸ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵਿਭਾਗ ਦੀ ਕੇਂਦਰੀ ਮੰਤਰੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਚਿੱਠੀਆਂ ਭੇਜ ਕੇ ਮੰਗ ਕੀਤੀ ਹੈ ਕਿ ਔਰਤਾਂ ਨਾਲ ਹੱਥੋਪਾਈ ਅਤੇ ਉਨ੍ਹਾਂ ਦੀ ਕੁੱਟ-ਮਾਰ ਕਰਨ ਵਾਲੇ ਪੁਲਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।
ਚਿੱਠੀਆਂ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਲੇ ਕਾਰਨਾਮਿਆਂ ਬਾਰੇ ਵੀ ਲਿਖਿਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਇਸ ਵੇਲੇ ਪੰਜਾਬ 'ਚ ਜੰਗਲ ਰਾਜ ਬਣਿਆ ਹੋਇਆ ਹੈ ਅਤੇ ਸਰਕਾਰ ਨਾਂ ਦੀ ਕੋਈ ਚੀਜ਼ ਕਿਤੇ ਵੀ ਨਜ਼ਰ ਨਹੀਂ ਆ ਰਹੀ।
ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ (ਮਰਦ) ਪੁਲਸ ਮੁਲਾਜ਼ਮਾਂ ਨੇ ਸ਼ਰੇਆਮ ਵਰਕਰਾਂ ਅਤੇ ਹੈਲਪਰਾਂ ਦੀ ਖਿੱਚ-ਧੂਹ ਕੀਤੀ ਹੈ, ਜੋ ਬੇਹੱਦ ਮਾੜੀ ਗੱਲ ਹੈ ਕਿਉਂਕਿ ਹੱਕ ਮੰਗਣਾ ਸਭ ਦਾ ਲੋਕ ਰਾਜ ਵਿਚ ਅਧਿਕਾਰ ਹੈ ਪਰ ਇੱਥੇ ਸਰਕਾਰ ਅਤੇ ਪੁਲਸ ਮਿਲ ਕੇ ਹੱਕ ਮੰਗਣ ਵਾਲਿਆਂ ਨੂੰ ਡੰਡਿਆਂ ਦੇ ਜ਼ੋਰ ਨਾਲ ਦਬਾਅ ਰਹੀ ਹੈ। ਯੂਨੀਅਨ ਦੀਆਂ ਜੁਝਾਰੂ ਆਗੂ ਕਿਸੇ ਵੀ ਦਬਾਅ ਹੇਠਾਂ ਨਹੀਂ ਆਉਣਗੇ ਅਤੇ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦੇਣਗੀਆਂ।
ਸੂਬਾ ਆਗੂ ਨੇ ਉਹ ਤਸਵੀਰਾਂ ਜਾਰੀ ਕੀਤੀਆਂ, ਜਿਨ੍ਹਾਂ ਵਿਚ ਪੁਲਸ ਮੁਲਾਜ਼ਮ ਉਨ੍ਹਾਂ ਨਾਲ ਸ਼ਰੇਆਮ ਬਦਸਲੂਕੀ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਸੀ, ਨਾ ਕਿ ਰਾਜਾ ਪਰ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੇ ਮੁੱਖ ਮੰਤਰੀ ਪਤਾ ਨਹੀਂ ਕਿੱਥੇ ਗਾਇਬ ਹੋਏ ਪਏ ਹਨ ਅਤੇ ਉਨ੍ਹਾਂ ਦੇ ਮਸਲੇ ਬਾਰੇ ਇਕ ਵਾਰ ਵੀ ਅੱਜ ਤੱਕ ਨਹੀਂ ਬੋਲੇ ਅਤੇ ਪੂਰੀ ਕਾਂਗਰਸ ਵਜ਼ਾਰਤ ਹੀ ਚੁੱਪ ਹੈ। ਉਨ੍ਹਾਂ ਕਿਹਾ ਕਿ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਇਸ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਔਰਤਾਂ ਨਾਲ ਮਾੜਾ ਵਰਤਾਓ ਕਰਨ ਵਾਲੇ ਪੁਲਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ 'ਚ ਉੱਚ ਅਧਿਕਾਰੀਆਂ ਨੂੰ ਲੰਬੀ ਪੁਲਸ ਦੇ ਮੁਲਾਜ਼ਮਾਂ ਬਾਰੇ ਕਾਰਵਾਈ ਕਰਨ ਲਈ ਯੂਨੀਅਨ ਵੱਲੋਂ ਲਿਖ ਕੇ ਦਿੱਤਾ ਗਿਆ ਹੈ।
ਇਸ ਦੌਰਾਨ ਦੇਸ਼ ਭਰ ਦੀਆਂ 28 ਲੱਖ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਖਾਤਰ ਸੰਘਰਸ਼ ਕਰ ਰਹੀ ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਨੇ ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਵੱਲੋਂ ਸਰਕਾਰ ਵਿਰੁੱਧ ਛੇੜੇ ਸੰਘਰਸ਼ ਦੀ ਹਮਾਇਤ ਕੀਤੀ ਹੈ।