ਵਿਸ਼ਵ ਕਬੱਡੀ ਕੱਪ : ਨਿਊਜ਼ੀਲੈਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ

12/06/2019 5:15:00 PM

ਪਟਿਆਲਾ (ਰਜੇਸ਼, ਬਲਜਿੰਦਰ))— ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਟੂਰਨਾਮੈਂਟ-2019 ਦੇ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਂਊਂਡ ਵਿਖੇ ਕਰਵਾਏ ਜਾ ਰਹੇ ਨਿਊਜ਼ੀਲੈਂਡ-ਕੀਨੀਆ ਦੇ ਮੁਕਾਬਲੇ ਦੌਰਾਨ ਕੀਨੀਆ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਨਾਲ ਪੂਰੀ ਟੱਕਰ ਲਈ ਪਰੰਤੂ ਅਖ਼ੀਰ 'ਚ ਨਿਊਜ਼ੀਲੈਂਡ ਦੀ ਟੀਮ ਨੇ 46-37 ਅੰਕਾਂ ਨਾਲ ਇਹ ਮੈਚ ਆਪਣੇ ਨਾਂ ਕਰ ਲਿਆ। । ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਨਿਰਮਲ ਸਿੰਘ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ, ਟੂਰਨਾਮੈਂਟ ਦੇ ਡਾਇਰੈਕਟਰ ਸ. ਤੇਜਿੰਦਰ ਸਿੰਘ ਮਿੱਡੂਖੇੜਾ, ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ. ਆਰ. ਟੀ. ਸੀ. ਦੇ ਚੇਅਰਮੈਨ ਸ੍ਰੀ ਕੇ. ਕੇ. ਸ਼ਰਮਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪਕੁਲਪਤੀ ਲੈਫ. ਜਨਰਲ (ਰਿਟਾ.) ਜੇ.ਐਸ. ਚੀਮਾ, ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ ਮੌਜੂਦ ਸਨ।

ਇਸ ਮੌਕੇ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਵੀਂ ਖੇਡ ਨੀਤੀ-2018 ਬਣਾਈ ਜਿਸ ਤਹਿਤ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ, ਨਕਦ ਪੁਰਸਕਾਰ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਦਿੱਤੇ ਗਏ ਹਨ। ਜਦੋਂਕਿ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ।ਸ. ਧਰਮਸੋਤ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਕੌਮਾਂਤਰੀ ਕਬੱਡੀ ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ 'ਏ' ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ 'ਬੀ' ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।

Tarsem Singh

This news is Content Editor Tarsem Singh