Year Ender 2022: ਸੱਤਾ ਪਲਟਣ, ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਦੀ ਸਿਆਸਤ 'ਚ ਗਰਮਾਏ ਰਹੇ ਇਹ ਵੱਡੇ ਮੁੱਦੇ
Saturday, Dec 24, 2022 - 06:58 PM (IST)
ਜਲੰਧਰ (ਵੈੱਬ ਡੈਸਕ)- ਸਾਲ 2022 ਦੇ ਖ਼ਤਮ ਹੋਣ ਵਿਚ ਕੁਝ ਹੀ ਦਿਨ ਬਚੇ ਹਨ। ਇਸ ਸਾਲ ਜਿੱਥੇ ਪੰਜਾਬ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੁਰੀ, ਖ਼ਿਡਾਰੀ ਸੰਦੀਪ ਨੰਗਲ ਅੰਬੀਆਂ, ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਾਪਰੀਆਂ, ਉਥੇ ਹੀ ਪੰਜਾਬ ਦੀ ਰਾਜਨੀਤੀ ਵਿਚ ਵੀ ਕਈ ਵੱਡੇ ਬਦਲਾਅ ਅਤੇ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲੇ। ਇਸ ਸਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ 'ਆਪ' ਦੀ ਹਨੇਰੀ ਆਈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਵਿਚ ਆ ਕੇ ਰਵਾਇਤੀ ਪਾਰਟੀਆਂ ਤੱਕ ਦਾ ਸਫ਼ਾਇਆ ਕਰ ਦਿੱਤਾ ਸੀ। ਇਸ ਦੇ ਇਲਾਵਾ ਹੋਰ ਵੀ ਕਈ ਅਜਿਹੇ ਮੁੱਦੇ ਸਾਹਮਣੇ ਆਏ, ਜਿਸ ਦੇ ਕਾਰਨ ਪੰਜਾਬ ਦੀ ਰਾਜਨੀਤੀ ਚਰਚਾ ਵਿਚ ਰਹੀ। ਆਓ ਜਾਣਦੇ ਪੰਜਾਬ ਦੀ ਸਿਆਸਤ ਵਿਚ ਸਾਲ 2022 ਵਿਚ ਵਾਪਰੀਆਂ ਵੱਡੀਆਂ ਘਟਨਾਵਾਂ ਬਾਰੇ
ਚਰਚਾ 'ਚ ਰਿਹਾ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਹੋਈ ਕੋਤਾਹੀ ਦਾ ਮੁੱਦਾ
ਇਸ ਸਾਲ ਪੀ. ਐੱਮ. ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਸਰਕਾਰ ਤੋਂ ਹੋਈ ਕੋਤਾਹੀ ਕਾਰਨ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਸਾਲ ਦੀ ਸ਼ੁਰੂਆਤ ਵਿਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਚ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨ ਆਏ ਸਨ ਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੋਤਾਹੀ ਕਾਰਨ ਪੀ. ਐੱਮ. ਨੂੰ ਬਿਨ੍ਹਾਂ ਰੈਲੀ ਕੀਤੇ ਵਾਪਸ ਮੁੜਨਾ ਪਿਆ ਸੀ। ਇਥੇ ਇਹ ਦੱਸਣਯੋਗ ਹੈ ਕਿ ਉਸ ਵੇਲ੍ਹੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ। ਉਸ ਸਮੇਂ ਕਾਂਗਰਸ ਸਰਕਾਰ ਅਤੇ ਚੰਨੀ ਦੀ ਕਾਰਗੁਜ਼ਾਰੀ ਉੱਤੇ ਕਈ ਸਵਾਲ ਖੜ੍ਹੇ ਹੋਏ ਸਨ।
ਇਹ ਵੀ ਪੜ੍ਹੋ : ਜਲੰਧਰ: ਸ਼ਾਲ ਨਾਲ ਗਲਾ ਘੁੱਟ ਕੇ ਨਾਨੀ ਨੂੰ ਦੋਹਤੇ ਨੇ ਦਿੱਤੀ ਸੀ ਬੇਰਹਿਮ ਮੌਤ, ਗ੍ਰਿਫ਼ਤਾਰ ਮੁਲਜ਼ਮਾਂ ਨੇ ਖੋਲ੍ਹੇ ਰਾਜ਼
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੋਈ 'ਆਪ' ਦੀ ਹੂੰਝਾ ਫੇਰ ਜਿੱਤ
ਇਸ ਸਾਲ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ ਅਤੇ ਇਸ ਦੌਰਾਨ ਰਵਾਇਤੀ ਪਾਰਟੀਆਂ ਅਕਾਲੀ ਦਲ, ਭਾਜਪਾ, ਕਾਂਗਰਸ ਪਾਰਟੀ ਦੀ ਆਮ ਆਦਮੀ ਪਾਰਟੀ ਨਾਲ ਜ਼ਬਰਦਸਤ ਟੱਕਰ ਵੇਖਣ ਨੂੰ ਮਿਲੀ ਸੀ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੱਖ ਹੋ ਗਏ ਸਨ ਅਤੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਭਾਜਪਾ ਦਾ ਸਮਰਥਨ ਕੀਤਾ ਸੀ ਹਾਲਾਂਕਿ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਭਾਜਪਾ ਜੁਆਇਨ ਕਰ ਲਈ ਸੀ। ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਰਹੀ ਭਾਜਪਾ ਪਾਰਟੀ ਦਾ ਰਿਸ਼ਤਾ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਟੁੱਟਿਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਨੇ ਵੱਖ-ਵੱਖ ਚੋਣ ਲੜੀ ਸੀ। ਚੋਣਾਂ ਦੌਰਾਨ ਅਕਾਲੀ ਦਲ ਨੇ ਆਪਣੀ ਨਵੀਂ ਭਾਈਵਾਲ ਬਹੁਜਨ ਸਮਾਜ ਪਾਰਟੀ ਲੱਭ ਲਈ ਸੀ। ਇਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਪਲਟਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 92 ਸੀਟਾਂ ਹਾਸਲ ਕੀਤੀਆਂ ਸਨ ਅਤੇ ਵੱਡੀਆਂ ਪਾਰਟੀਆਂ ਨੂੰ ਮਾਤ ਦੇ ਕੇ ਹਰਾਇਆ ਸੀ।
ਇਹ ਵੀ ਪੜ੍ਹੋ : ਪਤੰਗ ਉਡਾਉਂਦਿਆਂ ਵਾਪਰੇ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਦੋ ਭੈਣਾਂ ਦੇ 14 ਸਾਲਾ ਇਕਲੌਤੇ ਭਰਾ ਦੀ ਮੌਤ
ਸਿੱਧੂ ਮੂਸੇਵਾਲਾ ਦਾ ਕਤਲ ਦਾ ਮੁੱਦਾ ਰਿਹਾ ਚਰਚਾ ਦਾ ਵਿਸ਼ਾ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਸੀਟ ਤੋਂ ਚੋਣ ਲੜੇ ਅਤੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦਾ ਮਾਨਸਾ ਵਿਖੇ 29 ਮਈ 2022 ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੁਸੇਵਾਲਾ ਦੇ ਕਤਲ ਮਗਰੋਂ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਘਿਰਣੀ ਸ਼ੁਰੂ ਹੋ ਗਈ ਸੀ ਅਤੇ ਕਾਨੂੰਨ ਵਿਵਸਥਾ 'ਤੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਗਏ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਹੁਣ ਤੱਕ 35 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਇਸ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਵੀ ਰਿਹਾ ਚਰਚਾ ਦਾ ਵਿਸ਼ਾ
ਪੰਜਾਬ ਦੀ ਸੱਤਾ ਹਾਸਲ ਕਰਨ ਮਗਰੋਂ ਮੁੱਖ ਮੰਤਰੀ ਭਗੰਵਤ ਮਾਨ ਜਲਦੀ ਹੀ ਵਿਆਹ ਦੇ ਬੰਧਨ ਵਿਚ ਬੱਝ ਗਏ ਸਨ। 7 ਜੁਲਾਈ 2022 ਨੂੰ ਉਨ੍ਹਾਂ ਨੇ ਡਾ. ਗੁਰਪ੍ਰੀਤ ਕੌਰ ਨਾਲ ਧਾਰਮਿਕ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਦੇ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਕਈ ਹੋਰ ਸਿਆਸੀ ਨੇਤਾਵਾਂ ਸਣੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਵਿਆਹ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਸੀ। ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋ ਗਿਆ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ
ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ 'ਚ ਰਹੇ CM ਮਾਨ, ਮੰਤਰੀ ਸਿੰਗਲਾ ਨੂੰ ਕੀਤਾ ਬਰਖ਼ਾਸਤ
ਪੰਜਾਬ ਦੇ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ਼ ਅਪਨਾਇਆ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ 'ਤੇ ਵੱਡੀ ਕਾਰਵਾਈ ਕੀਤੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਭਗਵੰਤ ਮਾਨ ਨੇ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ। ਇਥੇ ਦੱਸਣਯੋਗ ਹੈ ਕਿ ਵਿਜੇ ਸਿੰਗਲਾ ਨੇ ਮਾਨਸਾ ਤੋਂ ਪੰਜਾਬੀ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਹਰਾਇਆ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਪਟਿਆਲਾ ਜੇਲ੍ਹ ਜਾਣਾ ਪਿਆ ਸੀ ਅਤੇ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤਾ ਗਿਆ। 8 ਜੁਲਾਈ 2022 ਨੂੰ ਵਿਜੇ ਸਿੰਗਲਾ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ।
ਬਿਕਰਮ ਸਿੰਘ ਮਜੀਠੀਆ ਪੁੱਜੇ ਜੇਲ੍ਹ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਡਰੱਗ ਦੇ ਦੋਸ਼ਾਂ ਤਹਿਤ ਜੇਲ੍ਹ ਜਾਣਾ ਪਿਆ ਸੀ। ਹਾਲਾਂਕਿ ਅਗਸਤ ਮਹੀਨੇ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਡਰੱਗ ਮਾਮਲੇ 'ਚ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਰਹੇ।
ਨਵਜੋਤ ਸਿੰਘ ਸਿੱਧੂ ਨੂੰ ਹੋਈ ਜੇਲ੍ਹ
ਨਵਜੋਤ ਸਿੰਘ ਸਿੰਘ ਸਿੱਧੂ ਦੀ ਕਿਸਮਤ ਦੇ ਸਿਤਾਰੇ ਵੀ ਇਸ ਸਾਲ ਧੁੰਦਲੇ ਪਏ ਰਹੇ। ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ 'ਚ ਮਈ ਮਹੀਨੇ ਵਿਚ ਜੇਲ੍ਹ ਜਾਣਾ ਪਿਆ ਅਤੇ ਅਜੇ ਤੱਕ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਲਦੀ ਹੀ ਅਗਲੇ ਮਹੀਨੇ 26 ਜਨਵਰੀ ਨੂੰ ਯਾਨੀ ਕਿ ਗਣਤੰਤਰ ਦਿਵਸ ਮੌਕੇ ਜੇਲ੍ਹ ਵਿਚੋਂ ਬਾਹਰ ਆਉਣਗੇ।
ਸਾਬਕਾ ਮੰਤਰੀਆਂ ਉੱਤੇ ਪੰਜਾਬ ਵਿਜੀਲੈਂਸ ਦੀ ਡਿੱਗੀ ਗਾਜ
ਇਸ ਸਾਲ ਸਾਬਕਾ ਮੰਤਰੀਆਂ 'ਤੇ ਪੰਜਾਬ ਵਿਜੀਲੈਂਸ ਦੀ ਗਾਜ ਵੀ ਡਿੱਗਦੀ ਨਜ਼ਰ ਆਈ। ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਅਜਿਹੇ ਫਸੇ ਕਿ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ। ਉਥੇ ਹੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਵੀ ਵਿਜੀਲੈਂਸ ਦੀ ਕੜਿਕੀ 'ਚ ਫਸੇ ਹਾਲਾਂਕਿ ਜੇਲ੍ਹ ਤੋਂ ਬਚਣ ਲਈ ਉਨ੍ਹਾਂ ਕਈ ਹੱਥਕੰਢੇ ਅਪਣਾਏ ਪਰ ਅਜੇ ਤੱਕ ਫਿਲਹਾਲ ਬੂਰ ਪੈਂਦਾ ਵਿਖਾਈ ਨਹੀਂ ਦਿੱਤਾ। ਉਥੇ ਹੀ ਕੈਪਟਨ ਸਰਕਾਰ ਵੇਲੇ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੇ ਇਕ ਮਾਮਲੇ ਵਿੱਚ ਬਚਾਅ ਲਈ ਵਿਜਿਲੇਂਸ ਦੇ ਏ. ਆਈ. ਜੀ. ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜਿਲੈਂਸ ਟੀਮ ਨੇ ਉਨ੍ਹਾਂ ਨੂੰ ਪੇਸ਼ ਜਾਣ ਵਾਲੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਸੀ। ਅਰੋੜਾ ਰਿਸ਼ਵਤ ਦੀ ਰਕਮ ਘਰੋਂ ਲੈ ਕੇ ਆਏ ਸਨ। ਹੁਣ ਰਿਸ਼ਵਤ ਦੇ ਮਾਮਲੇ ਵਿਚ ਸੁੰਦਰ ਸ਼ਾਮ ਅਰੋੜਾ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜ੍ਹੋ : 26 ਜਨਵਰੀ ਨੂੰ ਜੇਲ੍ਹ 'ਚੋਂ ਬਾਹਰ ਆਉਣਗੇ ਨਵਜੋਤ ਸਿੱਧੂ, ਮੋਦੀ ਸਰਕਾਰ ਦੀ ਵਿਸ਼ੇਸ਼ ਗਾਈਡ ਲਾਈਨ ਬਣੇਗੀ ਮਦਦਗਾਰ
ਮੂਸੇਵਾਲਾ ਦੇ ਕਤਲ ਮਗਰੋਂ 'ਆਪ' ਸਰਕਾਰ ਦਾ ਜ਼ਿਮਨੀ ਚੋਣ 'ਚ ਡਿੱਗਿਆ ਗ੍ਰਾਫ਼
ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਖਮਿਆਜ਼ਾ ਸੰਗਰੂਰ ਜ਼ਿਮਣੀ ਚੋਣਾਂ ਵਿਚ ਭੁਗਤਣਾ ਪਿਆ ਸੀ। 26 ਜੂਨ 2022 ਨੂੰ ਸੰਗਰੂਰ ਉੱਪ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਅਤੇ ਗਰਮ ਖਿਆਲੀ ਸਿਮਰਨਜੀਤ ਸਿੰਘ ਮਾਨ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ। ਸਰਕਾਰ ਬਣਾਉਣ ਮਗਰੋਂ ਕਰੀਬ 3 ਮਹੀਨਿਆਂ ਬਾਅਦ ਸੰਗਰੂਰ ਜ਼ਿਮਨੀ ਚੋਣ ਹਾਰਨਾ ਆਮ ਆਦਮੀ ਪਾਰਟੀ ਲਈ ਇਹ ਵੱਡਾ ਝਟਕਾ ਸੀ ਕਿਉਂਕਿ ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਸੀ।
ਅਕਾਲੀ ਦਲ ਵੱਲੋਂ ਬੀਬੀ ਜਗੀਰ ਅਤੇ ਜਗਮੀਤ ਬਰਾੜ ਨੂੰ ਪਾਰਟੀ ਵਿਚੋਂ ਕੱਢਣਾ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਰਹੀ ਬੀਬੀ ਜਗੀਰ ਕੌਰ ਲਈ ਵੀ ਇਹ ਸਾਲ ਭਾਰੀ ਰਿਹਾ। ਅਕਾਲੀ ਦਲ ਖ਼ਿਲਾਫ਼ ਬਗਾਵਤ ਕਰਨ ਤੋਂ ਬਾਅਦ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਇਹ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ਤੋਂ ਪਹਿਲਾਂ ਲਿਆ ਗਿਆ ਸੀ। ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਜਿਤਾਉਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰਦਿਆਂ ਪਹਿਲਾਂ ਤਾਂ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਸੀ ਪਰ ਜਦ 48 ਘੰਟੇ ਵਿਚ ਅਜਿਹਾ ਕੋਈ ਜਵਾਬ ਨਾ ਆਇਆ ਤਾਂ ਜਵਾਬ ਦੇਣ ਦੀ ਮੋਹਲਤ ਦੇ ਘੰਟੇ ਵਧਦੇ ਗਏ। ਅਖੀਰ ਵਿਚ ਬੀਬੀ ਜਗੀਰ ਕੌਰ 7 ਨਵੰਬਰ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਕੀਤਾ ਗਿਆ ਅਤੇ ਅਕਾਲੀ ਦਲ ਵੱਲੋਂ ਬੀਬੀ ਜਗੀਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਦੇ ਇਲਾਵਾ ਅਕਾਲੀ ਦਲ ਦੀ ਪਾਰਟੀ ਨੇ ਸੀਨੀਅਰ ਆਗੂ ਜਗਮੀਤ ਬਰਾੜ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਨੂੰ ਲੈ ਕੇ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਬਰਾੜ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੀਤਾ ਹੈ। ਕਮੇਟੀ ਨੇ ਫ਼ੈਸਲਾ ਕੀਤਾ ਕਿ ਸੀ ਬਰਾੜ ਪਾਰਟੀ ਅਨੁਸ਼ਾਸਨ ਨੂੰ ਤੋੜ ਰਹੇ ਹਨ ਅਤੇ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ ਸਨ, ਲਿਹਾਜ਼ਾ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ।
ਸੁਨੀਲ ਜਾਖੜ, ਫਤਿਹਜੰਗ ਬਾਜਵਾ ਸਣੇ ਕਈ ਆਗੂ ਹੋਏ ਭਾਜਪਾ 'ਚ ਸ਼ਾਮਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਸਮੇਤ ਕਈ ਆਗੂ ਭਾਦਪਾ ਵਿਚ ਚਲੇ ਗਏ ਸਨ। ਸੁਨੀਲ ਜਾਖੜ ਨੇ 19 ਮਈ ਨੂੰ ਭਾਜਪਾ ਜੁਆਇਨ ਕੀਤੀ ਸੀ, ਉਨ੍ਹਾਂ ਤੋਂ ਪਹਿਲਾਂ ਕਾਂਗਰਸ ਦੇ ਕਈ ਸੀਨੀਅਰ ਆਗੂ ਭਾਜਪਾ ਵਿੱਚ ਜਾ ਚੁੱਕੇ ਸਨ। ਇਸ ਸਾਲ ਫਤਿਹਜੰਗ ਬਾਜਵਾ, ਰਾਣਾ ਗੁਰਮੀਤ ਸੋਢੀ, ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ, ਡਾ. ਰਾਜ ਕੁਮਾਰ ਵੇਰਕਾ ਅਤੇ ਸਤਿਕਾਰ ਕੌਰ ਵਰਗੇ ਕਈ ਦਿੱਗਜ ਨੇਤਾ ਭਾਜਪਾ ਵਿੱਚ ਸ਼ਾਮਲ ਹੋਏ।
ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਦੇ ਮੁੱਦੇ ਕਾਰਨ ਚਰਚਾ 'ਚ ਰਹੇ ਜੋੜਾ ਮਾਜਰਾ
ਇਸ ਸਾਲ ਬਾਬਾ ਫਰੀਦ ਯੂਨੀਵਰਸਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਨੂੰ ਲੈ ਕੇ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਚਰਚਾ ਵਿਚ ਰਹੇ। ਪੰਜਾਬ ਦੇ ਸਿਹਤ ਮੰਤਰੀ ਬਣਨ ਮਗਰੋਂ ਚੇਤਨ ਸਿੰਘ ਜੌੜਾਮਾਜਰਾ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ ਕੀਤਾ ਸੀ। ਹਸਪਤਾਲ ਵਿੱਚ ਗੰਦਗੀ ਵੇਖ ਕੇ ਸਿਹਤ ਮੰਤਰੀ ਗੁੱਸੇ ਵਿੱਚ ਆ ਗਏ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈੱਡਾਂ ’ਤੇ ਲੇਟਣ ਲਈ ਕਿਹਾ ਸੀ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।
ਮੰਤਰੀ ਦੇ ਹੁਕਮਾਂ ਮਗਰੋਂ ਵੀ. ਸੀ. ਬੈੱਡ ’ਤੇ ਲੇਟ ਗਏ ਸਨ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਜਿੱਥੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਵੀ. ਸੀ. ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਸਨ। ਇਸ ਦੇ ਬਾਅਦ ਸਿਹਤ ਮੰਤਰੀ ਦੇ ਇਸ ਵਿਵਹਾਰ ਤੋਂ ਨਾਰਾਜ਼ ਵੀ. ਸੀ. ਡਾ: ਰਾਜ ਬਹਾਦਰ ਨੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਸੀ।
ਇਹ ਵੀ ਪੜ੍ਹੋ : ਸਾਹਿਬਜ਼ਾਦਿਆਂ ਦੀ ਯਾਦ 'ਚ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ', ਕਰਵਾਏ ਜਾਣਗੇ ਕੁਇਜ਼ ਮੁਕਾਬਲੇ
ਰਾਜਪਾਲ ਤੇ ਪੰਜਾਬ ਸਰਕਾਰ ਵਿਚਾਲੇ ਵਾਈਸ ਚਾਂਸਲਰ ਦੀ ਨਿਯੁਕਤੀ ਸਣੇ ਕਈ ਮੁੱਦਿਆਂ 'ਤੇ ਫਸਿਆ ਪੇਚ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਸਰਕਾਰ ਵਿਚਾਲੇ ਵਾਈਸ ਚਾਂਸਲਰ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਪੇਚ ਫਸਿਆ ਰਿਹਾ। ਦਰਅਸਲ ਪੰਜਾਬ ਸਰਕਾਰ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਡਾਂ. ਗੁਰਪ੍ਰੀਤ ਸਿੰਘ ਦਾ ਨਾਮ ਰਾਜਪਾਲ ਨੂੰ ਭੇਜਿਆ ਗਿਆ ਸੀ ਪਰ ਰਾਜਪਾਲ ਵੱਲੋਂ ਇਸ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਰਾਜਪਾਲ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ 3 ਨਾਵਾਂ ਦਾ ਇਕ ਪੈਨਲ ਭੇਜੇ ਜਿੰਨਾਂ ਵਿੱਚੋਂ ਇਕ ਨਾਮ ਦੀ ਚੌਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਕਿਸੇ ਇਕ ਨੂੰ ਨਿਯੁਕਤ ਕਰਕੇ ਨਹੀਂ ਭੇਜਿਆ ਜਾ ਸਕਦਾ। ਇਸ ਦੇ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਕੋਲੋਂ ਭਰੋਸਗੀ ਮਤੇ ਲਈ ਸਪੈਸ਼ਲ ਸੈਸ਼ਨ ਬੁਲਾਉਣ ਦੀ ਇਜਾਜ਼ਤ ਮੰਗੀ ਗਈ ਸੀ ਤਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਇਕ ਲੰਮਾ ਵਿਵਾਦ ਵੀ ਚੱਲਿਆ ਸੀ।
ਇਸ ਵਿਚਾਲੇ ਹੀ ਪੰਜਾਬ ਸਰਕਾਰ ਵੱਲੋਂ ਪਰਾਲੀ ਅਤੇ ਜੀ. ਐੱਸ. ਟੀ. ਦੇ ਮੁੱਦਿਆਂ ਨੂੰ ਲੈ ਕੇ ਦੋਬਾਰਾ ਸੈਸ਼ਨ ਦੀ ਇਜਾਜ਼ਤ ਮੰਗੀ ਗਈ ਸੀ, ਜਿਸ 'ਤੇ ਵੀ ਰਾਜਪਾਲ ਵੱਲੋਂ ਪਹਿਲਾ ਸਵਾਲ ਖੜ੍ਹੇ ਕੀਤੇ ਗਏ ਅਤੇ ਫਿਰ ਇਸ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਸੁਖਨਾ ਝੀਲ 'ਤੇ ਏਅਰ ਸ਼ੋਅ ਦੌਰਾਨ ਦੇਸ਼ ਦੀ ਰਾਸ਼ਟਰਪਤੀ ਪਹੁੰਚੇ ਸਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਹੋਣ ਕਾਰਨ ਵੀ ਰਾਜਪਾਲ ਵੱਲੋਂ ਮੁੱਖ ਮੰਤਰੀ 'ਤੇ ਸਵਾਲ ਚੁੱਕੇ ਗਏ ਸਨ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਫ਼ਤਰ ਨੇ ਜਾਰੀ ਕੀਤੇ ਸਲਾਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ