ਜੀ. ਟੀ. ਯੂ. ਨੇ ਫੂਕੀ ਸਰਕਾਰ ਦੀ ਅਰਥੀ

09/22/2017 5:43:09 AM

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਨੇ ਚੰਡੀਗੜ੍ਹ ਰੋਡ 'ਤੇ ਡੀ. ਸੀ. ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ। 
ਇਸ ਤੋਂ ਪਹਿਲਾਂ ਯੂਨੀਅਨ ਆਗੂਆਂ ਰਿੰਪੀ ਰਾਣੀ, ਜਗਤਾਰ ਸਿੰਘ ਮੱਲਾ ਬੇਦੀਆਂ, ਬਲਜਿੰਦਰ ਸਿੰਘ, ਸੁੱਖ ਰਾਮ, ਗੁਰਦਿਆਲ ਸਿੰਘ, ਬਲਕਾਰ ਸਿੰਘ, ਬਿਕਰਮਜੀਤ ਸਿੰਘ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਕੁਲਦੀਪ ਸਿੰਘ ਦੌੜੁਕਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲਦੀ ਹੋਈ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ 2016 ਦੇ ਬਿੱਲ 'ਤੇ ਕਾਰਵਾਈ ਨਾ ਕਰ ਕੇ ਮੁਲਾਜ਼ਮਾਂ ਦੀਆਂ ਪ੍ਰੇਸ਼ਾਨੀਆਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ 23 ਮਹੀਨਿਆਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਖਜ਼ਾਨਾ ਖਾਲੀ ਹੋਣ ਦਾ ਬਹਾਨਾ ਲਾ ਕੇ ਤਨਖਾਹਾਂ ਤੇ ਹਰ ਕਿਸਮ ਦੇ ਬਕਾਏ ਕਢਵਾਉਣ 'ਤੇ ਖਜ਼ਾਨੇ 'ਤੇ ਅਣ-ਐਲਾਨੀ ਐਮਰਜੈਂਸੀ ਲਾਈ ਹੋਈ ਹੈ, ਜਦਕਿ ਮੰਤਰੀਆਂ ਤੇ ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ 'ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਸਭ ਦੇ ਵਿਰੋਧ 'ਚ ਬਲਾਕ ਪੱਧਰ 'ਤੇ ਧਰਨੇ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਰਮੇਸ਼ ਬੰਗਾ, ਬਲਬੀਰ ਕੁਮਾਰ, ਰਾਜ ਰਾਣੀ, ਮਨਜੀਤ ਕੌਰ, ਭੁਪਿੰਦਰ ਕੌਰ, ਗੁਰਦੀਸ਼ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਚਰਨਜੀਤ, ਬਲਜੀਤ ਸਿੰਘ, ਰਵੀ ਕੁਮਾਰ, ਕੁਲਵੰਤ, ਜਸਵੀਰ, ਅਜੇ ਕੁਮਾਰ ਆਦਿ ਹਾਜ਼ਰ ਸਨ।


Related News