ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ, ਡੀ. ਸੀ. ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਯੋਗ

Wednesday, Jun 21, 2023 - 05:03 PM (IST)

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ, ਡੀ. ਸੀ. ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਯੋਗ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਮਾਈ ਭਾਗੋ ਆਯੁਰਵੈਦਿਕ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਪ੍ਰਫੁਲਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੀ. ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗ ਲੋਕਾਂ ਨੂੰ ਤੰਦਰੁਸਤੀ ਨਾਲ ਜੋੜਦਾ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਰੋਜ਼ਾਨਾ ਕਰਨ ਕਿਉਂਕਿ ਮਨੁੱਖ ਲਈ ਸਿਹਤ ਸਭ ਤੋਂ ਵੱਡੀ ਨਿਯਾਮਤ ਹੈ ਅਤੇ ਸਿਹਤ ਸੰਭਾਲ ਮਨੁੱਖ ਦਾ ਪਹਿਲਾਂ ਫਰਜ਼ ਵੀ ਹੈ। 

PunjabKesari

ਇਸ ਮੌਕੇ ਉਨ੍ਹਾਂ ਸਮਾਗਮ ਦੌਰਾਨ ਆਏ ਹੋਏ ਸਮੂਹ ਹਾਜ਼ਰੀਨ ਨੂੰ ਨੌਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੱਤੀ ਅਤੇ ਮਾਈ ਭਾਗੋ ਆਯੁਰਵੈਦਿਕ ਕਾਲਜ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਐੱਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ, ਕੰਵਰਜੀਤ ਸਿੰਘ ਵੱਲੋਂ ਯੋਗ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਕਰਵਾਈਆਂ ਗਈਆਂ ਯੋਗ ਕਿਰਿਆਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਯੋਗ ਰਾਹੀਂ ਅਸੀਂ ਆਪਣੇ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖ ਸਕਦੇ ਹਾਂ ਅਤੇ ਇਸ ਨਾਲ ਸਾਡੇ ਜੀਵਨ ਵਿਚ ਹਾਂ ਪੱਖੀ ਵਿਚਾਰਾਂ ਦਾ ਪਸਾਰ ਹੁੰਦਾ ਹੈ।  

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੇ ਉਤਸ਼ਾਹ ਨਾਲ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਗੁਰੂ ਆਕਾਸ਼ ਯੋਗ ਅਕੈਡਮੀ ਦੇ ਵਿਦਿਆਰਥੀਆਂ ਨੇ ਹਾਜ਼ਰ ਲੋਕਾਂ ਨੂੰ ਵੱਖ-ਵੱਖ ਯੋਗ ਕਿਰਿਆਵਾਂ ਕਰਵਾਉਂਦੇ ਹੋਏ ਯੋਗ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਡਾਇਰੈਕਟਰ ਆਯੂਰਵੈਦਾ ਡਾ. ਰਵੀ ਦੂਮੜਾ, ਡਾ. ਗੁਰਪ੍ਰੀਤ ਸਿੰਘ ਨੋਡਲ ਅਫ਼ਸਰ, ਡਾ. ਸ਼ਿਲਪਾ ਭੌਣ , ਡਾ. ਮੋਨਿਕਾ ਗਿਰਧਰ, ਡਾ. ਰੁਪਿੰਦਰ ਕੌਰ, ਪ੍ਰਿੰਸੀਪਲ ਡਾ. ਵਿਨੋਦ ਰੰਗਾ, ਡਾ. ਬਬਲੀ ਜੁਨੇਜਾ, ਜਸਵਿੰਦਰ ਸਿੰਘ, ਬਲਜੀਤ ਸਿੰਘ, ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ।


author

Gurminder Singh

Content Editor

Related News