ਫਾਜ਼ਿਲਕਾ ''ਚ ਵੱਡੀ ਵਾਰਦਾਤ, ਦੋ ਨੌਜਵਾਨਾਂ ''ਤੇ ਚਲਾਈਆਂ ਗੋਲ਼ੀਆਂ
Tuesday, Jun 18, 2024 - 05:49 PM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੇ ਪਿੰਡ ਘਾਟਿਆਂਵਾਲੀ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਦੋ ਨੌਜਵਾਨਾਂ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਹਸਪਤਾਲ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅੱਜ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਲੋਟ ਰੋਡ 'ਤੇ ਘਰ ਜਾ ਰਿਹਾ ਸੀ ਤਾਂ ਰਸਤੇ 'ਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਉਸ ਨੂੰ ਅਤੇ ਉਸ ਦੇ ਦੋਸਤ ਨੂੰ ਗੋਲ਼ੀ ਲੱਗ ਗਈ।
ਇਥੇ ਹੀ ਬਸ ਨਹੀਂ ਗੋਲ਼ੀ ਲੱਗਣੇ ਤੋਂ ਬਾਅਦ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਵੀ ਹਮਲਾ ਕੀਤਾ ਗਿਆ। ਬਾਂਹ 'ਤੇ ਗੋਲੀ ਲੱਗਣ ਕਾਰਣ ਉਹ ਲਹੂ ਲੁਹਾਨ ਹੋ ਗਿਆ। ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ। ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪਾਸੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਜਲਾਲਾਬਾਦ ਦੇ ਡੀਐੱਸਪੀ ਏ.ਆਰ. ਸ਼ਰਮਾ ਨੇ ਦੱਸਿਆ ਕਿ ਦੋ ਨੌਜਵਾਨਾਂ ਨੂੰ ਗੋਲੀ ਲੱਗੀ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।