ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ

Saturday, Aug 29, 2026 - 02:13 PM (IST)

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਇੱਥੇ ਪਿੰਡ ਛਾਜਲੀ 'ਚ ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ (32) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਛਾਜਲੀ ਇਕ ਛੋਟਾ ਕਿਸਾਨ ਸੀ। ਉਸ ਕੋਲ ਸਿਰਫ ਇਕ ਏਕੜ ਜ਼ਮੀਨ ਸੀ ਅਤੇ ਆਪਣੇ ਵਿਦੇਸ਼ ਗਏ ਚਾਚੇ ਦੇ ਮੁੰਡੇ ਦੀ ਥੋੜ੍ਹੀ-ਬਹੁਤੀ ਜ਼ਮੀਨ ਠੇਕੇ ’ਤੇ ਲੈ ਕੇ ਪਰਿਵਾਰ ਪਾਲ ਰਿਹਾ ਸੀ।

ਹਰਵਿੰਦਰ ਸਿੰਘ ਦੇ ਸਿਰ ’ਤੇ ਕਰੀਬ 9-10 ਲੱਖ ਰੁਪਏ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਸੀ, ਜਿਸ ਨੂੰ ਘਰ ਦੀ ਆਰਥਿਕ ਤੰਗੀ ਕਾਰਨ ਉਹ ਹੁਣ ਮੋੜਨ ਤੋਂ ਅਸਮਰੱਥ ਸੀ। ਇਸ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਗੱਲ ਨੂੰ ਲੈ ਕੇ ਉਸ ਨੇ ਆਪਣੇ ਖੇਤ ’ਚ ਜਾ ਕੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ’ਤੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ ਤੋਂ ਇਲਾਵਾ ਪਤਨੀ ਸਮੇਤ 10 ਸਾਲ ਦੀ ਇਕ ਧੀ ਅਤੇ 7 ਸਾਲ ਦਾ ਪੁੱਤਰ ਛੱਡ ਗਿਆ ਹੈ।
 


author

Babita

Content Editor

Related News