ਫਰੀਦਕੋਟ ''ਚ ਗੋਲੀਆਂ ਚਲਾਉਣ ਵਾਲੇ ਪੰਜ ਨੌਜਵਾਨ ਕਾਬੂ, ਗੈਂਗਸਟਰ ਗੁਰਪ੍ਰੀਤ ਸੇਖੋਂ ਨਾਲ ਜੁੜੇ ਤਾਰ

04/08/2017 4:11:09 PM

ਫਰੀਦਕੋਟ : ਬੀਤੀ 4 ਤਾਰੀਕ ਨੂੰ ਫਰੀਦਕੋਟ-ਮੋਗਾ ਰੋਡ ''ਤੇ ਲੁੱਟ ਦੇ ਇਰਾਦੇ ਨਾਲ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਰੀਦਕੋਟ ਦੇ ਐੱਸ. ਐੱਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਸੰਬੰਧ ਖਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨਾਲ ਹਨ ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਫਰੀਦਕੋਟ-ਮੋਗਾ ਰੋਡ ''ਤੇ ਕੈਸ਼ ਲੈ ਕੇ ਜਾ ਰਹੇ ਨਿੱਜੀ ਕੰਪਨੀ ਦੇ ਮੁਲਾਜ਼ਮਾਂ ''ਤੇ ਲੁੱਟ ਦੀ ਨੀਅਤ ਨਾਲ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਇਸ ਦੌਰਾਨ ਲੱਤ ਵਿਚ ਗੋਲੀ ਲੱਗਣ ਕਾਰਨ ਇਕ ਮੁਲਾਜ਼ਮ ਜ਼ਖਮੀ ਹੋ ਗਿਆ ਸੀ ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਉਕਤ ਵਾਰਦਾਤ ਵਿਚ ਪੁਲਸ ਨੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਕੋਲੋਂ ਇਕ ਪਿਸਤੌਲ, ਇਕ ਸਵਿਫਟ ਕਾਰ, ਇਕ ਵੈਰਿਟੋ ਕਾਰ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸੇਖੋਂ ਤੋਂ ਪਿਸਤੌਲ ਲੈ ਕੇ ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਸ ਮੁਤਾਬਕ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh