ਪਿੰਡ ਰਾਈਆਂ ਦੇ ਸੁੰਨਸਾਨ ਪਲਾਟ ''ਚੋਂ 24 ਸਾਲਾ ਮੁੰਡੀ ਦੀ ਲਾਸ਼ ਬਰਾਮਦ, ਦੋ ਦਿਨਾਂ ਤੋਂ ਸੀ ਲਾਪਤਾ
Thursday, Oct 22, 2026 - 01:15 PM (IST)
ਸਾਹਨੇਵਾਲ (ਜਗਰੂਪ ਸਿੰਘ) : ਕੁਹਾੜਾ-ਮਾਛੀਵਾੜਾ ਰੋਡ ’ਤੇ ਸਥਿਤ ਪਿੰਡ ਰਾਈਆਂ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਸੁੰਨਸਾਨ ਪਲਾਟ ਵਿਚ ਬਣੇ ਉਜਾੜ ਕਮਰੇ ਵਿਚੋਂ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੂਮ ਕਲਾਂ ਅਧੀਨ ਪੈਂਦੀ ਕਟਾਣੀ ਕਲਾਂ ਪੁਲਸ ਚੌਂਕੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਈਆਂ ਦੇ ਇਕ ਵੱਡੇ ਅਤੇ ਸੁੰਨਸਾਨ ਪਲਾਟ ਵਿਚ ਬਣੇ ਉਜਾੜ ਕਮਰੇ ਵਿਚ ਨੌਜਵਾਨ ਦੀ ਲਾਸ਼ ਪਈ ਹੋਣ ਬਾਰੇ ਪਤਾ ਲੱਗਣ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਕਟਾਣੀ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਸੈਣੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਮਾਮਲੇ ਨਾਲ ਸਬੰਧਤ ਤੱਥ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ।
ਮੌਕੇ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਛਾਣ ਅਰੁਣ ਕੁਮਾਰ ਉਮਰ ਕਰੀਬ 24 ਸਾਲ ਵਾਸੀ ਪਿੰਡ ਰਾਈਆਂ ਵਜੋਂ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਅਰੁਣ ਕੁਮਾਰ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ, ਜਿਸ ਸਬੰਧੀ ਉਨ੍ਹਾਂ ਵੱਲੋਂ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸੁਣ ਕੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।ਪੁਲਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਪੁਲਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਕਟਾਣੀ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਸੈਣੀ ਨੇ ਕਿਹਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਹੈ ਇਸ ਦੀ ਜਾਣਕਾਰੀ ਹਾਸਿਲ ਕੀਤੀ ਗਈ। ਉਨ੍ਹਾਂ ਵਲੋ ਲਾਸ਼ ਨੂੰ ਸਿਵਲ ਹਸਪਤਾਲ ਭਿਜਵਾ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
