ਪੈਸਿਆਂ ਦੇ ਲੈਣ-ਦੇਣ ਤੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Friday, Sep 12, 2025 - 01:59 PM (IST)

ਜ਼ੀਰਾ (ਰਾਜੇਸ਼ ਢੰਡ, ਗੁਰਮੇਲ ਸੇਖਵਾਂ) : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਮਰਨ ਵਾਲੇ ਨੌਜਵਾਨ ਦੇ ਮਾਮਲੇ ’ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨਾਂ ’ਤੇ ਅਤੇ ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਫੇਸਬੁੱਕ ’ਤੇ ਪੋਸਟ ਕੀਤੀ ਵੀਡੀਓ ਦੇ ਅਧਾਰ ’ਤੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜੀਰਾ ਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਚਰਨਜੀਤ ਕੌਰ ਪਤਨੀ ਸੁਲੱਖਣ ਸਿੰਘ ਵਾਸੀ ਪਿੰਡ ਸਨੇਰ ਨੇ ਦੱਸਿਆ ਕਿ ਉਸ ਦਾ ਪੁੱਤਰ ਰਮਨਦੀਪ ਸਿੰਘ ਜੂਆ ਖੇਡਦਾ ਸੀ ਅਤੇ ਸੁਖਜੀਵਨ ਸਿੰਘ ਪੁੱਤਰ ਸਵਰਨ ਸਿੰਘ, ਸੇਵਕ ਸਿੰਘ ਪੁੱਤਰ ਮੋਤੀ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਸਨੇਰ, ਕੰਮੀ ਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਸੋਨਾ ਅਤੇ ਮੰਦਰ ਵਾਸੀ ਕੋਟ ਕਰੋੜ ਖੁਰਦ ਅਕਸਰ ਉਸ ਦੇ ਘਰ ਦੇ ਬਾਹਰ ਜੂਆ ਖੇਡਣ ਆਉਂਦੇ ਸਨ ਅਤੇ ਉਨ੍ਹਾਂ ਨੇ ਉਸ ਦੇ ਪੁੱਤਰ ਨਾਲ 16 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ।
ਇਸ ਕਾਰਨ ਉਸ ਦਾ ਪੁੱਤਰ ਪਰੇਸ਼ਾਨ ਰਹਿੰਦਾ ਸੀ। ਸ਼ਿਕਾਇਤਕਰਤਾ ਅਨੁਸਾਰ 9 ਸਤੰਬਰ 2025 ਨੂੰ ਰਮਨਦੀਪ ਸਿੰਘ ਨੇ ਉਸ ਨੂੰ ਸਾਰੀ ਗੱਲ ਦੱਸੀ ਕਿ ਉਪਰੋਕਤ ਸਾਰੇ ਲੋਕਾਂ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸ਼ਾਮ ਸਾਢੇ 4 ਵਜੇ ਰਮਨਦੀਪ ਸਿੰਘ ਨੇ ਵੀਡੀਓ ਬਣਾ ਕੇ ਫੇਸਬੁੱਕ ’ਤੇ ਪੋਸਟ ਕਰ ਦਿੱਤੀ ਅਤੇ ਸਲਫ਼ਾਸ ਖਾ ਲਈ ਅਤੇ ਉਸ ਤੋਂ ਬਾਅਦ ਮੁਲਜ਼ਮਾਂ ਨੇ ਰਮਨਦੀਪ ਦਾ ਮੋਬਾਇਲ ਫੋਨ ਖੋਹ ਲਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰਮਨਦੀਪ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।