ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Wednesday, Dec 24, 2025 - 11:47 AM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਮਮਦੋਟ (ਧਵਨ) : ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ’ਤੇ ਸਥਿਤ ਪਿੰਡ ਗੁੱਦੜ ਢੰਡੀ/ਲਾਲਚੀਆਂ ਬੱਸ ਅੱਡੇ ਦੇ ਨੇੜੇ ਸਵੇਰੇ ਸੰਘਣੀ ਧੁੰਦ ਕਾਰਨ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇਕ ਅਣਪਛਾਤੇ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ, ਵਾਸੀ ਅਲਫੂ ਕੇ ਵਜੋਂ ਹੋਈ ਹੈ, ਜੋ ਕਿ ਪੰਜਾਬ ਰੋਡਵੇਜ਼ ’ਚ ਮੁਲਾਜ਼ਮ ਸੀ।

ਜਸਵਿੰਦਰ ਸਿੰਘ ਆਪਣੀ ਡਿਊਟੀ ਲਈ ਜਾ ਰਿਹਾ ਸੀ ਕਿ ਰਸਤੇ ’ਚ ਸੰਘਣੀ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਕਾਫੀ ਲਹੂ-ਲੁਹਾਨ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਮਰਜੈਂਸੀ ਐਂਬੂਲੈਂਸ ਮੌਕੇ ’ਤੇ ਪਹੁੰਚ ਗਈ। ਐਂਬੂਲੈਂਸ ਪਾਇਲਟ ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਖਮੀ ਦੀ ਹਾਲਤ ਨਾਜ਼ੁਕ ਸੀ, ਜਿਸ ਕਾਰਨ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਿਰੋਜ਼ਪੁਰ ਲਈ ਰਵਾਨਾ ਕੀਤਾ ਗਿਆ ਪਰ ਅਫਸੋਸਨਾਕ ਤੌਰ ’ਤੇ ਹਸਪਤਾਲ ਪਹੁੰਚਣ ’ਤੇ ਜਸਵਿੰਦਰ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਗੁਰੂਹਰਸਹਾਏ ਤੋਂ ਡੇਰਾ ਬਿਆਸ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਦੀ ਡਿਊਟੀ ਲਈ ਘਰੋਂ ਨਿਕਲਿਆ ਸੀ ਕਿ ਰਸਤੇ ’ਚ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸੰਘਣੀ ਧੁੰਦ ਦੇ ਮੱਦੇਨਜ਼ਰ ਸੜਕਾਂ ’ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣ ਅਤੇ ਅਣਪਛਾਤੇ ਵਾਹਨ ਦਾ ਪਤਾ ਲਗਾ ਕੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।


author

Babita

Content Editor

Related News