ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ
Saturday, Mar 19, 2022 - 02:38 PM (IST)
ਝਬਾਲ (ਨਰਿੰਦਰ) : ਅੱਡਾ ਝਬਾਲ ਵਿਖੇ ਅਟਾਰੀ ਰੋਡ ’ਤੇ ਬੀਤੀ ਰਾਤ ਇਕ ਟਾਟਾ 07 ਗੱਡੀ ਦੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਪਿੰਡ ਕੋਟ ਸਿਵਿਆਂ ਦੇ ਦੋ ਨੌਜਵਾਨ ਸਹਿਬ ਸਿੰਘ ਪੁੱਤਰ ਰੂੜ ਸਿੰਘ ਅਤੇ ਸੁਖਚੈਨ ਸਿੰਘ ਪੁੱਤਰ ਸੁਖਵੰਤ ਸਿੰਘ ਪਿੰਡ ਕੋਟ ਸਿਵਿਆਂ ਨੂੰ ਝਬਾਲ ਤੋਂ ਵਾਪਿਸ ਜਾ ਰਹੇ ਸਨ ਕਿ ਅਟਾਰੀ ਰੋਡ ਅੱਡਾ ਝਬਾਲ ਦੇ ਬਾਹਰ ਵਾਰ ਸਾਹਮਣੇ ਤੋਂ ਆ ਰਹੀ ਇਕ ਟਾਟਾ 407 ਗੱਡੀ ਨਾਲ ਜ਼ੋਰਦਾਰ ਆਹਮੋ- ਸਾਹਮਣੇ ਟੱਕਰ ਹੋ ਗਈ।
ਇਸ ਨਾਲ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਨੇੜੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸਾਹਿਬ ਸਿੰਘ ਸਾਬੀ ਪੁੱਤਰ ਰੂੜ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੂਸਰੇ ਨੌਜਵਾਨ ਸੁਖਚੈਨ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਹਾਦਸੇ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ ਜਿਨ੍ਹਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।