ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਣ ਮੌਤ
Monday, May 09, 2022 - 06:11 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੇ ਨਾਲ ਲੱਗਦੀ ਬਸਤੀ ਡੇਰਿਆਂ ਵਾਲੀ ਵਿਖੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਰਜਨੀਸ਼ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਣ ਮੌਤ ਹੋ ਗਈ। ਮ੍ਰਿਤਕ ਸ਼ਾਦੀਸ਼ੁਦਾ ਸੀ ਜੋ ਆਪਣੇ ਪਿੱਛੇ ਦੋ ਛੋਟੇ-ਛੋਟੇ ਬੱਚੇ ਪਤਨੀ ਅਤੇ ਬੁੱਢੀ ਮਾਤਾ ਨੂੰ ਛੱਡ ਗਿਆ ਹੈ। ਮ੍ਰਿਤਕ ਰਜਨੀਸ਼ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਇਲਾਕੇ ਅੰਦਰ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਅਤੇ ਉਨ੍ਹਾਂ ਨੇ ਹੁਣੇ ਜਿਹੇ ਹੀ ਹੋਂਦ ਵਿਚ ਆਈ ‘ਆਪ’ ਦੀ ਸਰਕਾਰ ਨੂੰ ਕੋਸਦੇ ਹੋਏ ਕਿਹਾ ਜਦੋਂ ‘ਆਪ’ ਨੇ ਸਰਕਾਰ ਬਣਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਸਰਕਾਰ ਬਣਦਿਆਂ ਹੀ ਪੰਜਾਬ ’ਚੋਂ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਪਰ ਅਸਲੀਅਤ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਚਿੱਟਾ ਕਈ ਗੁਣਾ ਵੱਧ ਗਿਆ ਹੈ ਅਤੇ ਰੋਜ਼ਾਨਾ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਅਤੇ ਮਾਵਾਂ ਦੀਆਂ ਕੁੱਖਾਂ ਉੱਜੜ ਰਹੀਆਂ ਹਨ।