ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇਕ ਖਿਲਾਫ ਮਾਮਲਾ ਦਰਜ

Thursday, Sep 26, 2024 - 05:56 PM (IST)

ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇਕ ਖਿਲਾਫ ਮਾਮਲਾ ਦਰਜ

ਅਬੋਹਰ (ਸੁਨੀਲ) : ਬੀਤੀ ਰਾਤ ਪੁਰਾਣੀ ਫਾਜ਼ਿਲਕਾ ਰੋਡ ’ਤੇ ਸਥਿਤ ਮੁਹੱਲਾ ਸੰਤ ਨਗਰ ’ਚ ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕੀਤੀ, ਜਿਸ ਕਾਰਨ ਪੂਰੇ ਮੁਹੱਲੇ ਦੇ ਲੋਕਾਂ ’ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ’ਤੇ ਸਿਟੀ ਥਾਣਾ ਨੰਬਰ 1 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਬੀਤੀ ਰਾਤ ਵਾਪਰੀ ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਮੁਹੱਲਾ ਵਾਸੀਆਂ ਨੇ ਇਸ ਸਬੰਧੀ ਸਿਟੀ ਥਾਣਾ ਨੰਬਰ 1 ਦੀ ਪੁਲਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10.30 ਵਜੇ ਸੰਤ ਨਗਰ ਗਲੀ ਨੰਬਰ 1 ਅਤੇ ਗਲੀ ਨੰਬਰ 3 ’ਚ ਅਣਪਛਾਤੇ ਨੌਜਵਾਨਾਂ ਨੇ ਹਵਾ ’ਚ ਫਾਇਰ ਕੀਤੇ। ਜਿਸ ਕਾਰਨ ਮੁਹੱਲੇ ਦੇ ਲੋਕ ਸਹਿਮੇ ਹੋਏ ਹਨ। ਡਰ ਕਾਰਨ ਲੋਕ ਸਾਰੀ ਰਾਤ ਸੌਂ ਨਹੀਂ ਸਕੇ। ਉਨ੍ਹਾਂ ਇਸ ਦੀ ਸੂਚਨਾ ਸਿਟੀ ਥਾਣਾ ਨੰਬਰ 1 ਨੂੰ ਦਿੱਤੀ। ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਮੁਹੱਲੇ ’ਚ ਲੱਗੇ ਕੈਮਰਿਆਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸਿਟੀ ਥਾਣਾ ਨੰਬਰ 1 ਦੇ ਇੰਚਾਰਜ ਮਨਿੰਦਰ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸੀ.ਸੀ.ਟੀ.ਵੀ. ਅਤੇ ਮੁਹੱਲਾ ਨਿਵਾਸੀਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। 

ਉਕਤ ਨੌਜਵਾਨ ਦੇ ਘਰ ਛਾਪੇਮਾਰੀ ਕਰਨ ਤੋਂ ਬਾਅਦ ਨੌਜਵਾਨ ਲਾਪਤਾ ਹੈ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਘਰ ਤਲਾਸ਼ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਹੱਲਾ ਵਾਸੀਆਂ ਵੱਲੋਂ ਸ਼ਿਕਾਇਤ ਵਿਚ ਜਿਸ ਨੌਜਵਾਨ ਦਾ ਨਾਂ ਦਰਜ ਕੀਤਾ ਗਿਆ ਹੈ, ਉਸ ਦਾ ਰਿਕਾਰਡ ਠੀਕ ਨਹੀਂ ਹੈ। ਉਸ ਦਾ ਪਤਾ ਲੱਗਣ ’ਤੇ ਉਕਤ ਨੌਜਵਾਨ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜੇਕਰ ਉਕਤ ਨੌਜਵਾਨ ਗੋਲੀ ਚਲਾਉਣ ਦੇ ਮਾਮਲੇ ’ਚ ਸ਼ਾਮਿਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News