ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਰਾਜੂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

08/21/2019 4:22:20 PM

ਫਤਿਹਗੜ੍ਹ ਸਾਹਿਬ (ਵਿਪਨ)—ਪਿਛਲੇ ਦਿਨੀਂ ਪਈ ਬਰਸਾਤ ਕਾਰਨ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਪੈਂਦੇ ਹਲਕਾ ਅਮਲੋਹ ਅੰਦਰ ਵੱਡੀ ਪੱਧਰ ਤੇ ਕਿਸਾਨਾਂ ਦੇ ਖੇਤਾਂ 'ਚ ਪਾਣੀ ਭਰ ਚੁੱਕਾ ਹੈ, ਜਿਸ ਨਾਲ ਹਲਕਾ ਅਮਲੋਹ ਦੇ ਕਿਸਾਨਾਂ ਦੀ 4000 ਏਕੜ ਦੇ ਕਰੀਬ ਫਸਲ ਪਾਣੀ ਕਾਰਨ ਬੁਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਅਮਲੋਹ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਦੇ 1 ਦਰਜਨ ਪਿੰਡਾਂ ਦਾ ਦੌਰਾ ਕਰਨ ਸਮੇਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪਿੰਡ ਤੰਗਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਰਾਜੂ ਖੰਨਾ ਨੇ ਕਿਹਾ ਕਿ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ 'ਚ ਕੈਪਟਨ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਬੁਰੀ ਤਰ੍ਹਾ ਫੇਲ ਹੋ ਚੁੱਕੇ ਹਨ। ਇਸ ਸਮੇਂ ਕਿਸਾਨਾਂ ਦੀ ਸਾਰ ਲੈਣ ਲਈ ਹਲਕਾ ਅਮਲੋਹ ਅੰਦਰ ਨਾ ਤਾਂ ਸਰਕਾਰ ਦਾ ਕੋਈ ਮੰਤਰੀ, ਨਾ ਕੋਈ ਵਿਧਾਇਕ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਪੁੱਜਾ ਹੈ। ਲੋਕਾਂ ਦਾ ਕਹਿਣਾ ਹੈ ਜਿਹੜੇ ਇੱਕਾ-ਦੁੱਕਾ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਨ੍ਹਾਂ ਵੱਲੋਂ ਵੀ ਕੋਈ ਸਖਤ ਕਦਮ ਪਾਣੀ ਦੀ ਨਿਕਾਸੀ ਲਈ ਨਹੀਂ ਚੁੱਕਿਆ ਗਿਆ ਸਗੋਂ ਸਰਕਾਰ ਤਰਫੋਂ ਇਕ ਜਾਬਤਾ ਹੀ ਪੂਰਾ ਕੀਤਾ ਗਿਆ ਹੈ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਤੇ ਪਹਿਰਾ ਦਿੰਦੇ ਹੋਏ ਪੰਜਾਬ ਦੇ ਸਮੁੱਚੇ ਯੂਥ ਨੌਜਵਾਨਾਂ ਵਲੋਂ ਹੜ੍ਹ ਮਾਰੂ ਖੇਤਰਾਂ ਵਿਚ ਜਾ ਕੇ ਮੋਰਚਾ ਸੰਭਾਲ ਕੇ ਹਰ ਸਭਵ ਮਦਦ ਅਤੇ ਰਾਹਤ ਪਹੁੰਚਾਈ ਜਾ ਰਹੀ ਹੈ। 

ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਨੌਜਵਾਨਾਂ ਵੱਲੋਂ ਕਿਸਾਨਾਂ ਦੀਆ ਫ਼ਸਲਾਂ ਨੂੰ ਪਾਣੀ ਦੇ ਪ੍ਰਭਾਵ ਤੋਂ ਬਚਾਉਣ ਲਈ ਵੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਕੇ ਫਸਲਾਂ ਬਚਾਈਆਂ ਜਾ ਰਹੀਆਂ ਹਨ। ਰਾਜੂ ਖੰਨਾ ਨੇ ਕਿਹਾ ਕਿ ਅੱਜ ਟੁੱਟ ਚੁੱਕੀ ਕਿਸਾਨੀ ਨੂੰ ਵਧੇਰੇ ਰਾਹਤ ਦੇਣ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕਿਸਾਨਾਂ ਦੇ ਖੇਤਾਂ ਦੀ ਗਿਰਦਾਵਰੀ ਕਰਵਾ ਕੇ 50000 ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੁਝ ਧਰਵਾਸ ਮਿਲ ਸਕੇ। ਉਨ੍ਹਾਂ ਪਾਣੀ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਪਹਿਲ ਕਦਮੀ ਕਰਦਾ ਰਹੇਗਾ।

Shyna

This news is Content Editor Shyna