ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਹਲਕਾ ਸ਼ਾਹਕੋਟ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Sunday, Jul 16, 2023 - 06:04 PM (IST)

ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਹਲਕਾ ਸ਼ਾਹਕੋਟ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ (ਸੁਰੇਸ਼) : ਪੰਜਾਬ ਅੰਦਰ ਪਹਾੜੀ ਇਲਾਕਿਆਂ ਤੋਂ ਆਏ ਮੀਂਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੋਈ ਹੈ ਪਰ ਇਸ ਪਾਣੀ ਦੇ ਨਾਲ ਪੀੜਤ ਕਿਸਾਨਾਂ ਤੇ ਆਮ ਲੋਕਾਂ ਦੀ ਸਾਰ ਲੈਣ ਲਈ ‘ਆਪ’ ਸਰਕਾਰ ਦਾ ਕੋਈ ਮੰਤਰੀ ਵਿਧਾਇਕ ਜਾਂ ਪ੍ਰਸ਼ਾਸਨਿਕ ਅਧਿਕਾਰੀ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਮਦਦ ਲਈ ਨਜ਼ਰ ਨਹੀਂ ਆ ਰਿਹਾ ਹੈ। ਜਿਸ ਕਾਰਣ ਹੜ੍ਹ ਦੇ ਚੱਲਦੇ ਪੀੜਤ ਕਿਸਾਨਾਂ ਅਤੇ ਪਰਿਵਾਰਾਂ ਵਿਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਬਲਾਕ ਲੋਹੀਆਂ ’ਚ ਆਏ ਪਾਣੀ ਵਿਚ ਡੁੱਬੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਅਤੇ ਰਾਹਤ ਸਮੱਗਰੀ ਵੰਡਣ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ 'ਆਪ' ਸਰਕਾਰ ਦੇ ਕਿਸੇ ਮੰਤਰੀ ਜਾਂ ਵਿਧਾਇਕ ਨੇ ਲੋਕਾਂ ਦਾ ਹਾਲ ਚਾਲ ਜਾਣਿਆ ਹੈ ਤਾਂ ਉਹ ਸਿਰਫ ਫੋਟੋਆਂ ਖਿੱਚਵਾਉਣ ’ਚ ਲੱਗੇ ਹੋਏ ਹਨ ਜਦਕਿ ਕਿਸਾਨ, ਮਜ਼ਦੂਰ ਅਤੇ ਆਮ ਲੋਕ ਮਦਦ ਲਈ ਤਰਸ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਸਮੇਂ ਸਿਰ ਦਰਿਆਵਾਂ, ਨਾਲਿਆਂ ਅਤੇ ਰਜਵਾਹਿਆਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾ ਦਿੱਤੀ ਹੁੰਦੀ ਤਾਂ ਪੂਰੇ ਪੰਜਾਬ ਨੂੰ ਇਸ ਪਾਣੀ ਅਤੇ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਬਚਾਇਆ ਜਾ ਸਕਦਾ ਸੀ। ਪਰ ਭਗਵੰਤ ਮਾਨ ਸਰਕਾਰ ਸ਼ੋਹਰਤ ਲਈ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰ ਇਸ ਸਰਕਾਰ ਨੂੰ ਲੋਕਾਂ ਦੀ ਜਾਨ-ਮਾਲ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਜਿਸ ਕਾਰਨ ਪੰਜਾਬ ਵਾਸੀਆਂ ਨੂੰ ਵੱਡੀਆਂ ਆਸਾਂ ਅਤੇ ਉਮੀਦਾਂ ਸਨ। ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਔਖੀ ਘੜੀ 'ਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਲੰਗਰ, ਪਸ਼ੂਆਂ ਲਈ ਚਾਰਾ ਅਤੇ ਰਾਸ਼ਨ ਮੁਹੱਈਆ ਕਰਵਾਇਆ ਹੈ। 


author

Gurminder Singh

Content Editor

Related News