ਨਾਜਾਇਜ਼ ਸੰਬੰਧਾਂ ਦੇ ਸ਼ੱਕ ''ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ

Thursday, Jul 30, 2026 - 04:51 PM (IST)

ਨਾਜਾਇਜ਼ ਸੰਬੰਧਾਂ ਦੇ ਸ਼ੱਕ ''ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਤਨੇਲ ਵਿੱਚ ਇੱਕ ਨੌਜਵਾਨ ਨਾਲ ਕਥਿਤ ਤੌਰ 'ਤੇ ਕੀਤੀ ਗਈ ਬੇਰਹਿਮ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇੱਕ ਔਰਤ ਨਾਲ ਕਥਿਤ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਰਸਤੇ ਵਿੱਚੋਂ ਅਗਵਾ ਕਰਕੇ ਆਪਣੇ ਘਰ ਲਿਜਾਇਆ, ਜਿੱਥੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਕੰਮ 'ਤੇ ਜਾ ਰਿਹਾ ਸੀ, ਜਦੋਂ ਕੁਝ ਵਿਅਕਤੀਆਂ ਨੇ ਉਸ ਨੂੰ ਮੋਟਰਸਾਈਕਲਾਂ 'ਤੇ ਘੇਰ ਕੇ ਕਾਬੂ ਕਰ ਲਿਆ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਸ ਦੀ ਸੜਕ 'ਤੇ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਬੋਰੇ ਵਿੱਚ ਪਾ ਕੇ ਇੱਕ ਘਰ ਵਿੱਚ ਲਿਜਾਇਆ ਗਿਆ, ਜਿੱਥੇ ਲਗਾਤਾਰ ਉਸ ਦੀ ਕੁੱਟਮਾਰ ਕੀਤੀ ਗਈ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਨੌਜਵਾਨ ਨੂੰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਉਸ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਪੀੜਤ ਦੀ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਬਚਾਉਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਵੀ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਦਰਜ ਕੀਤੇ ਬਿਆਨਾਂ ਵਿੱਚ ਵੀ ਉਨ੍ਹਾਂ ਦੀ ਗੱਲ ਨੂੰ ਪੂਰੀ ਤਰ੍ਹਾਂ ਸ਼ਾਮਲ ਨਹੀਂ ਕੀਤਾ ਗਿਆ। ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਮਨਦੀਪ ਸਿੰਘ ਨੇ ਵੀ ਪੀੜਤ ਪਰਿਵਾਰ ਦੇ ਹੱਕ ਵਿੱਚ ਖੜ੍ਹਦੇ ਹੋਏ ਕਿਹਾ ਕਿ ਕਾਨੂੰਨ ਕਿਸੇ ਨੂੰ ਵੀ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਮ ਦਾ ਵਿਵਾਦ ਸੀ ਤਾਂ ਉਸ ਦਾ ਹੱਲ ਕਾਨੂੰਨੀ ਤਰੀਕੇ ਨਾਲ ਜਾਂ ਆਪਸੀ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਨਾਲ ਅਣਮਨੁੱਖੀ ਵਿਵਹਾਰ ਕੀਤਾ ਗਿਆ ਅਤੇ ਕੁਝ ਲੋਕਾਂ ਦੀ ਸਿਆਸੀ ਸਰਪ੍ਰਸਤੀ ਕਾਰਨ ਪਿੰਡ ਵਿੱਚ ਗੁੰਡਾਗਰਦੀ ਦਾ ਮਾਹੌਲ ਬਣਿਆ ਹੋਇਆ ਹੈ। ਸਰਪੰਚ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਦੂਜੇ ਪਾਸੇ, ਪੁਲਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਅਗਵਾ, ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਪਹੁੰਚਾਉਣ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ ਸੱਤ ਵਿਅਕਤੀਆਂ ਨੂੰ ਇਸ ਮਾਮਲੇ ਵਿੱਚ ਦੋਸ਼ੀ ਬਣਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ, ਵੀਡੀਓ ਅਤੇ ਹੋਰ ਸਬੂਤਾਂ ਨੂੰ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਕੇਸ ਵਿੱਚ ਕਿਸੇ ਵੀ ਕਿਸਮ ਦਾ ਸਿਆਸੀ ਦਬਾਅ ਨਹੀਂ ਹੈ ਅਤੇ ਕਾਰਵਾਈ ਸਿਰਫ਼ ਤੱਥਾਂ ਅਤੇ ਸਬੂਤਾਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਫਿਲਹਾਲ ਇਹ ਮਾਮਲਾ ਜਾਂਚ ਅਧੀਨ ਹੈ। ਪੀੜਤ ਪਰਿਵਾਰ, ਸਰਪੰਚ ਅਤੇ ਹੋਰ ਸਥਾਨਕ ਲੋਕਾਂ ਵੱਲੋਂ ਵੱਖ-ਵੱਖ ਦੋਸ਼ ਲਗਾਏ ਗਏ ਹਨ, ਜਦਕਿ ਪੁਲਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਾਰੇ ਤੱਥ ਸਪੱਸ਼ਟ ਹੋਣਗੇ। ਇਸ ਘਟਨਾ ਨੇ ਪਿੰਡ ਵਿੱਚ ਕਾਨੂੰਨ-ਵਿਵਸਥਾ ਅਤੇ ਸਮਾਜਿਕ ਤਣਾਅ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News