ਨੌਜਵਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖ਼ੁਦਕੁਸ਼ੀ
Saturday, Feb 01, 2025 - 05:17 PM (IST)
ਮਾਨਸਾ (ਜੱਸਲ) : ਘਰੇਲੂ ਆਰਥਿਕ ਮਾੜੀ ਹਾਲਾਤ ਅਤੇ ਕਰਜ਼ੇ ਕਾਰਨ ਮਾਨਸਾ ਸ਼ਹਿਰ ਦੇ ਵਾਰਡ ਨੰਬਰ-1 ਨਿਰਵੈਰ ਨਗਰ ਦੇ ਨੌਜਵਾਨ ਗਗਨਦੀਪ ਸਿੰਘ (25) ਪੁੱਤਰ ਹਾਕਮ ਸਿੰਘ ਨੇ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਵਿਆਹੁਤਾ ਸੀ ਅਤੇ 2 ਧੀਆਂ ਦਾਂ ਪਿਤਾ ਸੀ। ਇਹ ਜਾਣਕਾਰੀ ਦਿੰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਦੱਸਿਆ ਕਿ ਖ਼ੁਦਕੁਸ਼ੀ ਕਰਨ ਵਾਲਾ ਨੌਜਵਾਨ ਮਜ਼ਦੂਰੀ ਕਰਦਾ ਸੀ, ਜਿਸ ਦੇ ਸਿਰ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਅਤੇ ਹੋਰ ਪ੍ਰਾਈਵੇਟ ਕਰਜ਼ਾ ਚੜ੍ਹਿਆ ਹੋਇਆ ਸੀ।
ਕਰਜ਼ੇ ਦੇ ਕਾਰਨ ਕੁੱਝ ਮਹੀਨਿਆਂ ਤੋਂ ਉਹ ਪਰੇਸ਼ਾਨ ਰਹਿੰਦਾ ਸੀ। ਬੀਤੀ ਸਵੇਰ 5 ਵਜੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ, ਜਿਸ ਦਾ ਸਰਕਾਰੀ ਹਸਪਤਾਲ ਅੰਦਰ ਪੋਸਟਮਾਰਟਮ ਕੀਤਾ ਗਿਆ ਅਤੇ ਪੁਲਸ ਕਾਰਵਾਈ ਕਰਨ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਮਜ਼ਦੂਰ-ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ 5 ਲੱਖ ਮੁਆਵਜ਼ਾ ਅਤੇ ਸਾਰਾਂ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।