ਸੜਕ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

Monday, Oct 18, 2021 - 04:15 PM (IST)

ਸੜਕ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਬਨੂੜ (ਗੁਰਪਾਲ) : ਬਨੂੜ ਦੇ ਵਾਰਡ ਨੰਬਰ-8 ਦਾ ਵਸਨੀਕ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੜਕ ਹਾਦਸੇ ਦੌਰਾਨ ਜ਼ਖਮੀ ਹੋ ਗਿਆ ਸੀ। ਇਲਾਜ ਦੌਰਾਨ ਉਕਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਾਰਡ ਨੰਬਰ-8 ਦਾ ਵਸਨੀਕ ਨੌਜਵਾਨ ਰਾਹੁਲ ਕੁਮਾਰ (19) ਪੁੱਤਰ ਪ੍ਰੇਮ ਚੰਦ ਮੁਹੱਲਾ ਕੈਬਾਂ ਵਾਲਾ ਆਪਣੇ ਚਚੇਰੇ ਭਰਾ ਅੰਕਿਤ ਕੁਮਾਰ ਤੇ ਦੋਸਤ ਅਮਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਨੂੜ ਤੋ ਰਾਜਪੁਰਾ ਵੱਲ ਜਾ ਰਿਹਾ ਸੀ। ਜਦੋਂ ਮੋਟਰਸਾਈਕਲ ਸਵਾਰ ਨੌਜਵਾਨ ਕੌਮੀ ਮਾਰਗ ’ਤੇ ਪੈਂਦੇ ਪਿੰਡ ਫਤਿਹਪੁਰ ਗੜ੍ਹੀ ਟੀ-ਪੁਆਇੰਟ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਕਿਸੇ ਤੇਜ਼ ਰਫਤਾਰ ਵਾਹਨ ਨੇ ਮੋਟਰ ਸਾਈਕਲ ਨੂੰ ਭਿਆਨਕ ਟੱਕਰ ਮਾਰੀ।

ਇਸ ਹਾਦਸੇ ਵਿਚ ਰਾਹੁਲ ਕੁਮਾਰ, ਉਸ ਦਾ ਚਚੇਰਾ ਭਰਾ ਅੰਕਿਤ ਕੁਮਾਰ ਤੇ ਦੋਸਤ ਅਮਨਪ੍ਰੀਤ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਚੁੱਕ ਕੇ ਇਲਾਜ ਲਈ ਨੀਲਮ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਰਾਹੁਲ ਕੁਮਾਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇਲਾਜ ਲਈ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਬੀਤੀ ਰਾਤ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਰਾਹੁਲ ਕੁਮਾਰ ਦਮ ਤੋੜ ਗਿਆ। ਇਸ ਮਾਮਲੇ ਬਾਰੇ ਸੰਪਰਕ ਕਰਨ ’ਤੇ ਜਾਂਚ ਅਧਿਕਾਰੀ ਮਹਿੰਦਰ ਸਿੰਘ ਧੋਨੀ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
 


author

Babita

Content Editor

Related News