ਮੋਟਰਸਾਈਕਲ ਅਤੇ ਬੱਸ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖਮੀ

Wednesday, Apr 20, 2022 - 04:04 PM (IST)

ਮੋਟਰਸਾਈਕਲ ਅਤੇ ਬੱਸ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖਮੀ

ਹੰਡਿਆਇਆ (ਧਰਮਪਾਲ ਸਿੰਘ) : ਹੰਡਿਆਇਆ ਰੋਡ 'ਤੇ ਲੰਘੀ ਦੇਰ ਰਾਤ ਇਕ ਸਰਕਾਰੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਸੰਧੀ ਸਿੰਘ ਪੁੱਤਰ ਸੇਵਕ ਸਿੰਘ ਅਤੇ ਸੋਨੀ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਬਰਨਾਲਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਹੰਡਿਆਇਆ ਤੋਂ ਬਰਨਾਲਾ ਵੱਲ ਆ ਰਹੇ ਸੀ।

ਜਦੋਂ ਉਹ ਫਲਾਈਓਵਰ ਨਜ਼ਦੀਕ ਹੰਡਿਆਇਆ ਰੋਡ 'ਤੇ ਪਹੁੰਚੇ ਤਾਂ ਇਕ ਸਰਕਾਰੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ 'ਤੇ ਸਵਾਰ ਸੰਧੀ ਸਿੰਘ ਤੇ ਸੋਨੀ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦੀ ਟੀਮ ਨੇ ਸੰਧੀ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਉਪਰੰਤ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ।

ਇੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ। ਜਦ ਕਿ ਸੋਨੀ ਸਿੰਘ ਦਾ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਚਾਚੇ ਦੇ ਲੜਕੇ ਸਤਨਾਮ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਰਨਾਲਾ ਦੇ ਬਿਆਨਾਂ 'ਤੇ ਅਣਪਛਾਤੀ ਸਰਕਾਰੀ ਬੱਸ ਦੇ ਡਰਾਈਵਰ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News