ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਜ਼ਖਮੀ

Thursday, Nov 28, 2024 - 04:42 PM (IST)

ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਜ਼ਖਮੀ

ਜ਼ੀਰਾ (ਰਾਜੇਸ਼ ਢੰਡ) : ਮੱਖੂ ਦੇ ਨਜ਼ਦੀਕ ਸਤਲੁਜ ਪੁਲ ਦੇ ਕੋਲ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮਖੂ ਪੁਲਸ ਨੇ ਅਣਪਛਾਤੇ ਸਵਿੱਫਟ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਚਰਨ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਵਾੜਾ ਜੋਧ ਸਿੰਘ ਥਾਣਾ ਲੋਹੀਆਂ ਨੇ ਦੱਸਿਆ ਕਿ ਉਸ ਦਾ ਪੁੱਤਰ ਜਸਵਿੰਦਰ ਸਿੰਘ ਤੇ ਭਤੀਜਾ ਜਸਬੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਵਾੜਾ ਜੋਧ ਸਿੰਘ ਥਾਣਾ ਲੋਹੀਆ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ।

ਜਦ ਉਹ ਸਤਲੁਜ ਪੁਲ ਨੇੜੇ ਗੁਰਦੁਆਰਾ ਸਾਹਿਬ ਕੋਲ ਪੁੱਜੇ ਤਾਂ ਇਕ ਕਾਰ ਸਵਿੱਫਟ ਡਿਜ਼ਾਇਰ ਜਿਸ ਨੂੰ ਉਸ ਦਾ ਚਾਲਕ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਉਸ ਨੇ ਕਾਰ ਲਿਆ ਕੇ ਜਸਵਿੰਦਰ ਸਿੰਘ ਹੋਰਾਂ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਭਤੀਜੇ ਜਸਬੀਰ ਸਿੰਘ ਦੀ ਮੌਤ ਹੋ ਗਈ ਤੇ ਪੁੱਤਰ ਜਸਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਚਰਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਜਲੰਧਰ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News