ਨੈਸ਼ਨਲ ਹਾਈਵੇਅ ''ਤੇ ਟਰੱਕ ਨੇ ਦਰੜਿਆ ਨੌਜਵਾਨ, ਪਰਿਵਾਰ ਵਲੋਂ ਹੰਗਾਮਾ

01/30/2020 9:24:32 AM

ਫਤਿਹਗੜ੍ਹ ਸਾਹਿਬ (ਵਿਪਨ) : ਜ਼ਿਲਾ ਫਤਿਹਗੜ੍ਹ ਸਾਹਿਬ 'ਚ ਪੈਂਦੀ ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਤੋਂ ਲੰਘਦੇ ਹਾਈਵੇਅ 'ਤੇ ਟਰੱਕ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਲੋਂ ਪੁਲਸ ਨੂੰ ਨੌਜਵਾਨ ਦੀ ਮੌਤ ਦਾ ਜ਼ਿੰਮੇਵਾਰ ਮੰਨਦਿਆਂ ਹਾਈਵੇਅ 'ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਮੁਤਾਬਕ ਪੁਲਸ ਵਲੋਂ ਬੱਸ ਸਟੈਂਡ ਦੇ ਸਾਹਮਣੇ ਬਣੇ ਓਵਰਬ੍ਰਿਜ ਹੇਠਾਂ ਨਾਕਾ ਲਾਇਆ ਗਿਆ ਸੀ।

ਇਸ ਦੌਰਾਨ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆ ਤਾਂ ਪੁਲਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਪੁਲਸ ਦੇ ਡਰੋਂ ਨੌਜਵਾਨ ਨੇ ਮੋਟਰਸਾਈਕਲ ਦੌੜਾ ਲਿਆ ਅਤੇ ਇਸੇ ਦੌਰਾਨ ਉਹ ਟਰੱਕ ਦੀ ਲਪੇਟ 'ਚ ਆ ਗਿਆ। ਇਸ ਤੋਂ ਬਾਅਦ ਗੁੱਸੇ 'ਚ ਆਏ ਮ੍ਰਿਤਕ ਦੇ ਪਰਿਵਾਰ ਨੇ ਨੈਸ਼ਨਲ ਹਾਈਵੇਅ 'ਤੇ ਜਾਮ ਲਾ ਕੇ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਉਨ੍ਹਾਂ ਦਾ ਦੋਸ਼ ਸੀ ਕਿ ਨੌਜਵਾਨ ਨੂੰ ਪੁਲਸ ਨੇ ਨਾਕੇਬੰਦੀ ਦੌਰਾਨ ਰੋਕਿਆ ਸੀ, ਜਿਸ ਤੋਂ ਬਾਅਦ ਇਹ ਹਾਦਸਾ ਹੋਇਆ। ਮੌਕੇ 'ਤੇ ਪੁੱਜੇ ਡੀ. ਐੱਸ. ਪੀ. ਅਮਲੋਹ ਸੁਖਵਿੰਦਰ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਾਇਆ। ਜਦੋਂ ਇਸ ਬਾਰੇ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵਲੋਂ ਰੂਟੀਨ ਨਾਕਾ ਲਾਇਆ ਗਿਆ ਸੀ ਅਤੇ ਜਾਂਚ 'ਚ ਜੇਕਰ ਕਿਸੇ ਵੀ ਪੁਲਸ ਅਧਿਕਾਰੀ ਜਾਂ ਮੁਲਾਜ਼ਮ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।


Babita

Content Editor

Related News