ਸੈਰ ਕਰ ਰਹੇ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਜਵਾਨ ਪੁੱਤ ਦੀ ਮੌਤ ''ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ
Wednesday, Oct 04, 2023 - 12:31 AM (IST)
ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਪੁਲਸ ਜ਼ਿਲ੍ਹਾ ਬਟਾਲਾ ਤਹਿਤ ਪੈਂਦੇ ਪਿੰਡ ਅਠਵਾਲ 'ਚ ਬੀਤੀ ਰਾਤ ਸੈਰ ਕਰ ਰਹੇ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਗੁਰਦਾਸਪੁਰ ਅਤੇ ਬਟਾਲਾ ਦੇ ਨਿੱਜੀ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਉਥੇ ਹੀ ਇਸ ਮਾਮਲੇ 'ਚ ਪੁਲਸ ਵੱਲੋਂ ਕੇਸ ਦਰਜ ਕਰਕੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਲਾਕੇ ਭਰ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਦੂਸਰੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜੋੜਿਆਂ ਦੀ ਸੇਵਾ
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਰੋਟੀ-ਪਾਣੀ ਛਕ ਕੇ ਕੋਟਲੀ ਸੂਰਤ ਮੱਲੀ ਤੋਂ ਪਿੰਡ ਦੇਹੜ ਗਵਾਰ ਨੂੰ ਜਾਂਦੀ ਸੜਕ 'ਤੇ ਸੈਰ ਕਰ ਰਹੇ ਸਨ ਤਾਂ ਅਚਾਨਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 24 ਸਾਲ ਦੇ ਮੁਤਾਜ਼ਮ ਮਸੀਹ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਉਸ ਦੇ ਸਾਥੀ ਅਮਨ ਮਸੀਹ ਅਤੇ ਦੀਪਕ ਮਸੀਹ ਗੰਭੀਰ ਰੂਪ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ, ਜਿੱਥੇ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਅਣਪਛਾਤੇ ਵਾਹਨ ਅਤੇ ਚਲਾਕ ਨੂੰ ਟ੍ਰੇਸ ਕਰਕੇ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ : 'ਅਸੀਂ ਭਾਰਤ ਨਾਲ ਵਿਵਾਦ ਵਧਾਉਣਾ ਨਹੀਂ ਚਾਹੁੰਦੇ', ਸਰਕਾਰ ਦੇ ਅਲਟੀਮੇਟਮ ਤੋਂ ਬਾਅਦ ਟਰੂਡੋ ਦੀ ਪਹਿਲੀ ਪ੍ਰਤੀਕਿਰਿਆ
ਇਸ ਮਾਮਲੇ ਸਬੰਧੀ ਪੁਲਸ ਥਾਣਾ ਕੋਟਲੀ ਸੂਰਤ ਮੱਲੀ ਦੇ ਐੱਸਐੱਚਓ ਨਿਰਮਲ ਸਿੰਘ ਚਾਹਲ ਨੇ ਦੱਸਿਆ ਕਿ ਸਾਨੂੰ ਬੀਤੀ ਰਾਤ ਕੰਟਰੋਲ ਰੂਮ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਅਠਵਾਲ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਸੈਰ ਕਰ ਰਹੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਹੈ ਅਤੇ ਜਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਤਾਂ ਨੌਜਵਾਨ ਮੁਤਾਜ਼ਮ ਮਸੀਹ ਦੀ ਮੌਤ ਹੋ ਚੁੱਕੀ ਸੀ, ਜਦ ਕਿ 2 ਜ਼ਖ਼ਮੀਆਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਆਧਾਰ 'ਤੇ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਤੋਂ ਕਰਵਾਇਆ ਜਾ ਰਿਹਾ ਹੈ ਤੇ ਉਕਤ ਅਣਪਛਾਤੇ ਵਾਹਨ ਅਤੇ ਚਲਾਕ ਖ਼ਿਲਾਫ਼ ਧਾਰਾ 304 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਲੱਭਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਉਸ ਨੂੰ ਟ੍ਰੇਸ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8