ਪੰਜਾਬ ''ਚ ਵੱਡੀ ਵਾਰਦਾਤ: ਦੁਕਾਨ ਅੰਦਰ ਵੜ ਕੇ ਨੌਜਵਾਨ ਦਾ ਕਤਲ, ਸ਼ਿਵ ਸੈਨਾ ਆਗੂ ਦੇ ਪੁੱਤਰਾਂ ''ਤੇ ਲੱਗੇ ਦੋਸ਼
Tuesday, Nov 24, 2026 - 11:41 PM (IST)
ਜਲੰਧਰ (ਸੁਨੀਲ ਮਹਾਜਨ): ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿੱਚ ਮੰਗਲਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਰਿਆਨੇ ਦੀ ਦੁਕਾਨ ਅੰਦਰ ਖੜ੍ਹੇ ਇੱਕ ਨੌਜਵਾਨ 'ਤੇ ਕਰੀਬ ਦੋ ਦਰਜਨ ਹਥਿਆਰਬੰਦ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਲੱਕੀ ਖੋਖਾ ਵਜੋਂ ਹੋਈ ਹੈ। ਪੀੜਤ ਪਰਿਵਾਰ ਨੇ ਇਸ ਕਤਲ ਦਾ ਸਿੱਧਾ ਇਲਜ਼ਾਮ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਲਗਾਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਲੱਕੀ ਖੋਖਾ ਆਪਣੇ ਘਰ ਦੇ ਨਜ਼ਦੀਕ ਹੀ ਇੱਕ ਕਰਿਆਨੇ ਦੀ ਦੁਕਾਨ ਵਿੱਚ ਖੜ੍ਹਾ ਸੀ ਕਿ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਉਸ 'ਤੇ ਹਮਲਾ ਬੋਲ ਦਿੱਤਾ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੱਕੀ ਨੂੰ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਦੋਸ਼ ਲਗਾਇਆ ਕਿ ਲੱਕੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਘਰ ਦੇ ਬਾਹਰ ਦੁਕਾਨ 'ਤੇ ਖੜ੍ਹਾ ਸੀ। ਇਸੇ ਦੌਰਾਨ ਸ਼ਿਵ ਸੈਨਾ ਪ੍ਰਧਾਨ ਨਰਿੰਦਰ ਥਾਪਰ ਦਾ ਪੁੱਤਰ ਰਾਮਕਿਸ਼ਨ ਆਪਣੇ ਕਰੀਬ ਦੋ ਦਰਜਨ ਸਾਥੀਆਂ ਸਮੇਤ ਉੱਥੇ ਆਇਆ ਅਤੇ ਪਿੱਛੋਂ ਲੱਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਮਨਮੋਹਨ ਸਿੰਘ ਅਨੁਸਾਰ, ਮੁਲਜ਼ਮ ਉਸ ਦੇ ਛੋਟੇ ਭਰਾ ਲੱਕੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕ ਰਹੇ ਸਨ, ਜਿਸ ਦਾ ਵਿਰੋਧ ਕਰਦਿਆਂ ਉਨ੍ਹਾਂ ਨੇ ਥਾਣਾ ਡਿਵੀਜ਼ਨ ਨੰਬਰ 4 ਵਿੱਚ ਸ਼ਿਕਾਇਤ ਦਿੱਤੀ ਹੋਈ ਸੀ ਅਤੇ ਅਦਾਲਤ ਵਿੱਚ ਵੀ ਕੇਸ ਚੱਲ ਰਿਹਾ ਸੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. (ACP) ਬਰਾੜ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਦੋਵਾਂ ਧਿਰਾਂ ਵਿਚਾਲੇ ਪੁਰਾਣਾ ਵਿਵਾਦ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਨਾਮਜ਼ਦ (By-name) ਐੱਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕਰਕੇ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
