ਸੂਬੇ ਦੇ ਨੌਜਵਾਨ ਕਰ ਲੈਣ ਤਿਆਰੀ, ਜਲਦ ਹੋਣ ਜਾ ਰਿਹਾ ਵੱਡਾ ਐਲਾਨ

Tuesday, Dec 03, 2024 - 06:29 PM (IST)

ਸੂਬੇ ਦੇ ਨੌਜਵਾਨ ਕਰ ਲੈਣ ਤਿਆਰੀ, ਜਲਦ ਹੋਣ ਜਾ ਰਿਹਾ ਵੱਡਾ ਐਲਾਨ

ਪਟਿਆਲਾ : ਮਿਸ਼ਨ ਰੁਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਾਗੇਸ਼ਵਰ ਬਾਬਾ ਧਰੇਂਦਰ ਸ਼ਾਸਤਰੀ ਦੀ ਹਰਿਮੰਦਰ ਸਾਹਿਬ ਵਾਲੇ ਬਿਆਨ 'ਤੇ ਵਾਇਰਲ ਵੀਡੀਓ ਦੇ ਮਾਮਲੇ 'ਚ ਨਵਾਂ ਮੋੜ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਕਦਮ, ਪੰਜਾਬ ਦੇ ਵਿਦਿਆਰਥੀਆਂ ਲਈ ਜਾਰੀ ਕੀਤੇ ਵਿਸ਼ੇਸ਼ ਹੁਕਮ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ 'ਤੇ ਡਿੱਗਣਾ ਹੀ ਹੁੰਦਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿਚ ਖਾਲ੍ਹੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲਿਆ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਵਿਅਕਤੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ, ਸਗੋਂ ਹਲੀਮੀ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਭਗਵੰਤ ਸਿੰਘ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਉੱਚ ਆਸਾਮੀਆਂ ਪ੍ਰਾਪਤ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪਲੇਟਫ਼ਾਰਮ ਦੀ ਵਰਤੋਂ ਜ਼ਿੰਦਗੀ ਵਿਚ ਹੋਰ ਅਗਾਂਹ ਵਧਣ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਅਹਿਮ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ

ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਐੱਸ.ਏ.ਐੱਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਭਰ ਵਿੱਚ ਅਹਿਮ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਸਾਡੇ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ। ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ!

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News