ਜ਼ੀਰਾ ''ਚ ਗੋਲੀ ਚੱਲਣ ਕਾਰਨ ਨੌਜਵਾਨ ਗੰਭੀਰ ਜ਼ਖਮੀ
Saturday, Jun 06, 2026 - 03:26 PM (IST)
ਜ਼ੀਰਾ (ਸਤੀਸ਼) : ਜ਼ੀਰਾ ਵਿਖੇ ਇੱਕ ਵਾਰ ਫਿਰ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਤਾਜ਼ਾ ਮਾਮਲਾ ਜ਼ੀਰਾ ਦੇ ਪਿੰਡ ਸੂਸਕ ਤੋਂ ਸਾਹਮਣੇ ਆਇਆ ਹੈ। ਇੱਥੇ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨੌਜਵਾਨ 'ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮਾਮਲੇ ਸਬੰਧੀ ਜਾਣਕਾਰੀ ਮਿਲਦਿਆਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ।
ਉਧਰ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਨਵਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ 'ਚ ਆਇਆ ਸੀ, ਜਿਸ ਨੂੰ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਰੈਫ਼ਰ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੁਲਸ ਵੱਲੋਂ ਇਸ ਮਾਮਲੇ 'ਚ ਇੱਕ ਨੌਜਵਾਨ ਨੂੰ ਕਾਬੂ ਵੀ ਕਰ ਲਿਆ ਗਿਆ ਹੈ।
