ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ''ਤੇ ਨੌਜਵਾਨ ਨੇ ਨਿਗਲਿਆ ਜ਼ਹਿਰ, ਮੌਤ
Wednesday, Feb 14, 2018 - 03:49 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਇਕ ਨੌਜਵਾਨ ਨੂੰ ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖਿਲਾਫ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਚੌਕੀ ਇੰਡਸਟਰੀ ਏਰੀਆ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਜਸਪਾਲ ਸਿੰਘ (20) ਪੁੱਤਰ ਭੋਲਾ ਸਿੰਘ ਵਾਸੀ ਫਰਵਾਹੀ ਰੋਡ ਬਰਨਾਲਾ, ਬਲਵੀਰ ਸਿੰਘ ਪੁੱਤਰ ਦੇਵ ਸਿੰਘ ਵਾਸੀ ਫਰਵਾਹੀ ਦੇ ਟਰੈਕਟਰ 'ਤੇ 2 ਸਾਲਾਂ ਤੋਂ ਡਰਾਈਵਰ ਦੀ ਨੌਕਰੀ ਕਰਦਾ ਸੀ। ਬਲਵੀਰ ਸਿੰਘ ਵੱਲੋਂ ਪਿਛਲੇ 6-7 ਮਹੀਨਿਆਂ ਤੋਂ ਜਸਪਾਲ ਸਿੰਘ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਸੀ, ਜਿਸ ਕਾਰਨ ਜਸਪਾਲ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਭੋਲਾ ਸਿੰਘ ਪੁੱਤਰ ਨਾਜਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਲਵੀਰ ਸਿੰਘ ਪੁੱਤਰ ਦੇਵ ਸਿੰਘ ਵਾਸੀ ਫਰਵਾਹੀ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।