ਪਿੰਡ ਪਨਿਆੜ ''ਚ ਦਹਿਸ਼ਤ: ਢਾਬੇ ''ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੋ ਨੌਜਵਾਨ ਗੰਭੀਰ ਜ਼ਖ਼ਮੀ
Friday, May 15, 2026 - 01:40 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ, ਵਿਨੋਦ) - ਪੁਲਸ ਸਟੇਸ਼ਨ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਪਨਿਆੜ ਵਿੱਚ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਵਾਲਾ ਮਾਹੌਲ ਬਣ ਗਿਆ, ਜਦੋਂ ਇੱਕ ਢਾਬੇ 'ਤੇ ਤੇਜ਼ਧਾਰ ਹਥਿਆਰਾਂ ਅਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਜ਼ਖ਼ਮੀ ਨੌਜਵਾਨਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਪਨਿਆੜ ਦੇ ਵਸਨੀਕ ਬਲਬੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪਿੰਡ ਵਿੱਚ ਹੀ ਇੱਕ ਢਾਬਾ ਚਲਾਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਦੇਰ ਸ਼ਾਮ ਇੱਕ ਕਾਰ ਵਿੱਚ ਸਵਾਰ ਹੋ ਕੇ ਢਾਬੇ 'ਤੇ ਪਹੁੰਚੇ ਅਤੇ ਆਉਂਦੇ ਹੀ ਹਮਲਾ ਕਰ ਦਿੱਤਾ। ਚਸ਼ਮਦੀਦਾਂ ਦੇ ਅਨੁਸਾਰ, ਮੁਲਜ਼ਮਾਂ ਨੇ ਬਿਨਾਂ ਕਿਸੇ ਬਹਿਸ ਜਾਂ ਗੱਲਬਾਤ ਦੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਆਂ ਚੱਲਦੇ ਹੀ ਢਾਬੇ 'ਤੇ ਮੌਜੂਦ ਲੋਕਾਂ ਵਿੱਚ ਭਾਜੜ ਪੈ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ।
ਇਸ ਹਮਲੇ ਦੌਰਾਨ ਢਾਬੇ 'ਤੇ ਕੰਮ ਕਰਨ ਵਾਲੇ ਵਰੁਣ ਸੈਣੀ ਉਰਫ਼ ਗੁੱਗੂ ਦੀ ਬਾਂਹ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਹਮਲਾਵਰਾਂ ਨੇ ਢਾਬੇ ਦੇ ਮਾਲਕ ਅੰਮ੍ਰਿਤਪਾਲ ਸਿੰਘ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਗੁਰਦਾਸਪੁਰ ਦੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਦੀਨਾਨਗਰ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਡੀ.ਐੱਸ.ਪੀ. ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਦੋਵਾਂ ਧਿਰਾਂ ਵਿਚਾਲੇ ਕਿਸੇ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਪੁਲਸ ਵੱਲੋਂ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
