ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਜਲੰਧਰ ’ਚ 669 ਉਮੀਦਵਾਰ ਮੈਦਾਨ ’ਚ
Monday, Dec 08, 2025 - 12:13 PM (IST)
ਜਲੰਧਰ (ਚੋਪੜਾ)–ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਨਾਮਜ਼ਦਗੀਆਂ ਦੀ ਜਾਂਚ ਅਤੇ ਵਾਪਸੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਲੰਧਰ ਜ਼ਿਲ੍ਹੇ ’ਚ ਹੁਣ ਕੁੱਲ੍ਹ 669 ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਵਾਪਸੀ ਦੀ ਅੰਤਿਮ ਮਿਤੀ ਬੀਤਣ ਦੇ ਬਾਅਦ ਜ਼ਿਲ੍ਹਾ ਪ੍ਰੀਸ਼ਦ ਲਈ 83 ਅਤੇ ਪੰਚਾਇਤ ਸੰਮਤੀਆਂ ਲਈ 586 ਉਮੀਦਵਾਰ ਚੋਣਾਂ ਲੜਨਗੇ।
ਇਹ ਵੀ ਪੜ੍ਹੋ: ਕਾਂਗਰਸ ਦਾ ਚੋਣ ਬਾਈਕਾਟ ਮਹਿਜ਼ ਬਹਾਨਾ, ਪਾਰਟੀ ਜਨਤਾ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ: ਧਾਲੀਵਾਲ
ਵਰਣਨਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ੍ਹ 114 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਸਨ, ਜਦਕਿ ਪੰਚਾਇਤ ਸੰਮਤੀਆਂ ਲਈ ਸ਼ੁਰੂਆਤੀ ਪੜਾਅ ’ਚ 745 ਉਮੀਦਵਾਰਾਂ ਨੇ ਨਾਮਜ਼ਦ ਕਾਗਜ਼ ਭਰੇ ਸਨ। ਰਿਟਰਨਿੰਗ ਅਧਿਕਾਰੀਆਂ ਵੱਲੋਂ ਨਾਮਜ਼ਦਗੀ ਕਾਗਜ਼ਾਂ ਦੀ ਵਿਸਤ੍ਰਿਤ ਜਾਂਚ ਅਤੇ ਕਮੀਆਂ ਵਾਲੇ ਫਾਰਮ ਰੱਦ ਕਰਨ ਅਤੇ ਉਮੀਦਵਾਰਾਂ ਵੱਲੋਂ ਆਪਣੀ ਇੱਛਾ ਨਾਲ ਨਾਮਜ਼ਦਗੀ ਕਾਗਜ਼ ਵਾਪਸ ਲੈਣ ਤੋਂ ਬਾਅਦ ਕੁੱਲ੍ਹ 31 ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ 159 ਉਮੀਦਵਾਰ ਪੰਚਾਇਤ ਸੰਮਤੀ ਚੋਣਾਂ ਤੋਂ ਬਾਹਰ ਹੋ ਗਏ ਹਨ। ਇਸ ਤਰ੍ਹਾਂ ਕੁੱਲ 190 ਉਮੀਦਵਾਰਾਂ ਦੀ ਗਿਣਤੀ ਨਾਮਜ਼ਦਗੀ ਵਾਪਸੀ ਅਤੇ ਰੱਦ ਹੋਣ ਤੋਂ ਬਾਅਦ ਘੱਟ ਹੋਈ ਹੈ। ਹਾਲਾਂਕਿ ਅਜੇ ਤਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਪੱਸ਼ਟ ਅੰਕੜਾ ਜਾਰੀ ਨਹੀਂ ਕੀਤਾ ਗਿਆ ਕਿ ਇਨ੍ਹਾਂ ’ਚੋਂ ਕਿੰਨੇ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਵਾਪਸ ਲਏ ਅਤੇ ਕਿੰਨੇ ਉਮੀਦਵਾਰਾਂ ਦੇ ਕਾਗਜ਼ਾਤ ਜਾਂਚ ਦੌਰਾਨ ਤਰੁੱਟੀਪੂਰਨ ਪਾਏ ਜਾਣ ਕਾਰਨ ਰੱਦ ਕੀਤੇ ਗਏ। ਜ਼ਿਕਰਯੋਗ ਹੈ ਕਿ ਚੋਣ ਪ੍ਰਕਿਰਿਆ ’ਚ ਪਾਰਦਰਸ਼ਿਤਾ ਅਤੇ ਕਾਨੂੰਨੀ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਤਸਦੀਕ ਅਤੇ ਜਾਂਚ ਦੇ ਇਸ ਪੜਾਅ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: NRI ਦੇਸ਼ ਦੇ ਬ੍ਰਾਂਡ ਅੰਬੈਸਡਰ ਬਣਨ ਤੇ ਕੋਰੀਆ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ: CM
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਿੰਗ 14 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰ ਜ਼ਰੀਏ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖਤਾ ਇੰਤਜ਼ਾਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਲਈ ਕੁੱਲ੍ਹ 1209 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਕੋਦਰ ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਦੇ 19 ਜ਼ੋਨਾਂ ਲਈ 130 ਬੂਥ ਬਣਾਏ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ 1 ਪੰਚਾਇਤ ਸੰਮਤੀ ਮਹਿਤਪੁਰ ਦੇ 15 ਜ਼ੋਨਾਂ ਦੇ ਲਈ 83 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਫਿਲੌਰ ਦੇ 20 ਜ਼ੋਨਾਂ ਲਈ 129 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 3 ਪੰਚਾਇਤ ਸੰਮਤੀ ਆਦਮਪੁਰ ਦੇ 25 ਜ਼ੋਨਾਂ ਲਈ 200 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਭੋਗਪੁਰ ਦੇ 15 ਜ਼ੋਨਾਂ ਲਈ 108 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਜਲੰਧਰ ਪੂਰਬੀ ਦੇ 15 ਜ਼ੋਨਾਂ ਲਈ 86 ਬੂਥ ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਰੁੜਕਾ ਕਲਾਂ ਦੇ 15 ਜ਼ੋਨਾਂ ਲਈ 96 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਜਲੰਧਰ ਪੱਛਮੀ ਦੇ 19 ਜ਼ੋਨਾਂ ਲਈ 88 ਬੂਥ, ਜ਼ਿਲ੍ਹਾ ਪ੍ਰੀਸ਼ਦ ਦੇ 2 ਪੰਚਾਇਤ ਸੰਮਤੀ ਸ਼ਾਹਕੋਟ ਦੇ 15 ਜ਼ੋਨਾਂ ਲਈ 90 ਬੂਥ, ਜ਼ਿਲ੍ਹਾ ਪ੍ਰੀਸ਼ਦ ਦਾ 1 ਪੰਚਾਇਤ ਸੰਮਤੀ ਲੋਹੀਆਂ ਖ਼ਾਸ ਦੇ 15 ਜ਼ੋਨਾਂ ਲਈ 83 ਬੂਥ ਬਣਾਏ ਗਏ ਹਨ।
ਇਸੇ ਵਿਚਕਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਲੈ ਕੇ ਸੁਰੱਖਿਆ, ਵੋਟਿੰਗ ਕੇਂਦਰਾਂ ਦੀ ਵਿਵਸਥਾ, ਈ. ਵੀ. ਐੱਮ. ਦੀ ਤਿਆਰੀ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਨਾਲ ਸੰਬੰਧਤ ਮੀਟਿੰਗਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਵੋਟਿੰਗ ਕੇਂਦਰਾਂ ਦੀ ਪਛਾਣ ਕਰਕੇ ਪੁਲਸ ਪ੍ਰਸ਼ਾਸਨ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ
