ਸੁਨਾਮ ਵਾਸੀਆਂ ਨੂੰ ਮਿਲੇਗਾ ਤੋਹਫ਼ਾ, ਹਲਕੇ 'ਚ ਜਲਦ ਬਣਾਏ ਜਾਣਗੇ 5 ਆਮ ਆਦਮੀ ਕਲੀਨਿਕ

12/27/2022 4:38:05 PM

ਚੀਮਾ ਮੰਡੀ (ਗੋਇਲ, ਸਿੰਗਲਾ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਪਿੰਡ ਚੌਵਾਸ ਜਖੇਪਲ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਦਿਆਂ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੁਨਾਮ ਵਾਸੀਆਂ ਨੂੰ ਸਰਵੋਤਮ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ 5 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਆਮ ਆਦਮੀ ਕਲੀਨਿਕ ਲੋੜਵੰਦ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ।

ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਖ਼ਿਲਾਫ਼ ਲੱਗੇ ਸਾਂਝੇ ਕਿਸਾਨ ਮੋਰਚੇ 'ਚ ਪਹੁੰਚੇ ਰੁਲਦੂ ਸਿੰਘ ਮਾਨਸਾ, ਆਖੀਆਂ ਵੱਡੀਆਂ ਗੱਲਾਂ

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਰੀਬ ਪੰਜ ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ’ਚ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਉਸੇ ਤਰਜ਼ ’ਤੇ ਹੁਣ ਹਲਕਾ ਸੁਨਾਮ ਵਿਖੇ ਸ਼ਹਿਰੀ ਤੇ ਪੇਂਡੂ ਲੋਕਾਂ ਦੀ ਸਿਹਤ ਨੂੰ ਪ੍ਰਮੁੱਖਤਾ ਦਿੰਦੇ ਹੋਏ ਜਖੇਪਲ ਚੌਵਾਸ, ਉੱਭਾਵਾਲ, ਗੱਗੜਪੁਰ, ਪੁਰਾਣਾ ਹਸਪਤਾਲ ਸੁਨਾਮ ਅਤੇ ਗੁਰਦੁਆਰਾ ਸਾਹਿਬ ਜਾਖਲ ਰੋਡ ਵਿਖੇ ਇਹ ਕਲੀਨਿਕ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਗੇ। 

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਡਿਊਟੀ ਦੌਰਾਨ ASI ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਹੋਈ ਮੌਤ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਚਾਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਹੁਣ ਹੋਰ ਸਥਾਨਾਂ ਤੇ ਕਲੀਨਿਕ ਸਥਾਪਤ ਹੋਣ ਨਾਲ ਯਕੀਨੀ ਤੌਰ 'ਤੇ ਸਿਹਤ ਸਹੂਲਤਾਂ ਦਾ ਫਾਇਦਾ ਵਧੇਰੇ ਲੋੜਵੰਦਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਮਰੀਜ਼ਾਂ ਦਾ ਬਿਨਾਂ ਕਿਸੇ ਖੱਜਲ-ਖ਼ੁਆਰੀ ਤੋਂ ਮੁਫ਼ਤ ਇਲਾਜ ਕਰਨ ਦੇ ਨਾਲ ਨਾਲ ਲਗਭਗ 41 ਵੱਖ-ਵੱਖ ਤਰਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕਰਕੇ ਰਿਪੋਰਟਾਂ ’ਤੇ ਆਧਾਰਤ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News