ਅਕਾਲੀ ਦਲ ਦੀ ਸੁਰਜੀਤੀ ਲਈ ਰਾਜਦੇਵ ਸਿੰਘ ਖਾਲਸਾ ਦੀ ਭਰਤੀ, ਪੰਜ ਮੈਂਬਰੀ ਕਮੇਟੀ ਨੂੰ ਦਿੱਤੀ ਹਮਾਇਤ

Thursday, Jul 03, 2025 - 04:58 PM (IST)

ਅਕਾਲੀ ਦਲ ਦੀ ਸੁਰਜੀਤੀ ਲਈ ਰਾਜਦੇਵ ਸਿੰਘ ਖਾਲਸਾ ਦੀ ਭਰਤੀ, ਪੰਜ ਮੈਂਬਰੀ ਕਮੇਟੀ ਨੂੰ ਦਿੱਤੀ ਹਮਾਇਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਚੁਣੀ ਗਈ ਪੰਜ ਮੈਂਬਰੀ ਕਮੇਟੀ ਨੇ ਅੱਜ ਬਰਨਾਲਾ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਕਮੇਟੀ ਵਿਚ ਸ਼ਾਮਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾਂ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਖਾਲਸਾ ਦੀ ਕੋਠੀ ’ਤੇ ਜਾ ਕੇ ਉਨ੍ਹਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਸੰਘਰਸ਼ ਵਿਚ ਹਮਾਇਤ ਦੀ ਮੰਗ ਕੀਤੀ। ਇਸ ਦੌਰਾਨ ਰਾਜਦੇਵ ਸਿੰਘ ਖਾਲਸਾ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਚੱਲ ਰਹੀ ਮੁਹਿੰਮ ਨੂੰ ਸਵੀਕਾਰ ਕਰਦਿਆਂ ਪਾਰਟੀ ਦੀ ਮੁੜ ਸੁਰਜੀਤੀ ਵਿਚ ਭਰਤੀ ਹੋਣ ਦਾ ਐਲਾਨ ਕੀਤਾ। ਉਨ੍ਹਾਂ ਵਾਰਿਸ ਪੰਜਾਬ ਪਾਰਟੀ ਨਾਲ ਦੂਰੀ ਬਣਾਉਂਦਿਆਂ ਸਰਵਉਚ ਪੰਥਕ ਅਥਾਰਟੀ ਦੇ ਹੁਕਮਾਂ ਨੂੰ ਸਿਰ ਮੱਥੇ ਲਾਉਣ ਦਾ ਸੰਕਲਪ ਲਿਆ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਰਾਜਦੇਵ ਸਿੰਘ ਖਾਲਸਾ ਦੇ ਫੈਸਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਥਕ ਘਾਲਣਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਖਾਲਸਾ ਪਾਰਟੀ ਦੀ ਮੁੜ ਬਣਤਰ ਵਿਚ ਮਦਦਗਾਰ ਸਾਬਤ ਹੋਣਗੇ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾਂ ਨੇ ਬਾਦਲ ਦਲ ਨੂੰ ਆਲੋਚਨਾ ਦਾ ਨਿਸ਼ਾਨ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਦੀਆਂ ਗਲਤ ਨੀਤੀਆਂ ਕਾਰਨ ਦਲ ਅੱਜ ਜ਼ਮੀਨ ’ਤੇ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰਸੁਰਜੀਤੀ ਲਈ ਚੱਲ ਰਹੀ ਮੁਹਿੰਮ ਹੇਠ ਹੁਣ ਤੱਕ 8.5 ਲੱਖ ਵਰਕਰਾਂ ਦੀ ਭਰਤੀ ਹੋ ਚੁੱਕੀ ਹੈ ਜੋ 30 ਜੁਲਾਈ ਤੱਕ ਜਾਰੀ ਰਹੇਗੀ।

ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਵੀ ਆਪਣੀ ਗੱਲ ਰੱਖਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਸਮੇਂ-ਸਮੇਂ ਤੇ ਕੀਤੀਆਂ ਗਲਤੀਆਂ ਦਾ ਹਮੇਸ਼ਾ ਵਿਰੋਧ ਕੀਤਾ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਹੁਣ ਪੰਜ ਮੈਂਬਰੀ ਕਮੇਟੀ ਵੱਲੋਂ ਵਿਅਕਤੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿਚ ਡੈਲੀਗੇਟ ਚੁਣੇ ਜਾਣਗੇ ਜੋ ਪ੍ਰਧਾਨ ਚੁਣਨਗੇ। ਸਭ ਤੋਂ ਅੰਤ ਵਿਚ ਰਾਜਦੇਵ ਸਿੰਘ ਖਾਲਸਾ ਨੇ ਪੰਜ ਮੈਂਬਰੀ ਕਮੇਟੀ ਦਾ ਧੰਨਵਾਦ ਕਰਦਿਆਂ ਭਰੋਸਾ ਦਵਾਇਆ ਕਿ ਉਹ ਪੰਥ ਦੀ ਚੜਦੀਕਲਾ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ।


author

Gurminder Singh

Content Editor

Related News