ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ: ਅਮਨ ਅਰੋਡ਼ਾ

08/28/2022 6:09:09 PM

ਸੁਨਾਮ ਊਧਮ ਸਿੰਘ ਵਾਲਾ( ਰੋਜੀ) : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋਡ਼ਾ ਨੇ ਰੈਸਟ ਹਾਊਸ ਸੁਨਾਮ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਲਕਾ ਸੁਨਾਮ ਦੇ ਪੇਂਡੂ ਖੇਤਰਾਂ ਦੇ ਬਹੁ-ਪੱਖੀ ਵਿਕਾਸ ਲਈ ਤਰਜੀਹੀ ਆਧਾਰ 'ਤੇ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਅਰੋਡ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਦੇ ਵਿਸਥਾਰਿਤ ਵਿਕਾਸ ਕਾਰਜਾਂ ਦੀ ਰੂਪ-ਰੇਖਾ ਉਲੀਕਦਿਆਂ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਲੋਡ਼ਵੰਦ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਜਾਰੀ ਫੰਡਾਂ, ਮਗਨਰੇਗਾ ਫੰਡਾਂ ਅਤੇ ਮੰਡੀ ਬੋਰਡ ਦੀਆਂ ਗ੍ਰਾਂਟਾਂ ਆਦਿ ਨੂੰ ਪਾਰਦਰਸ਼ਤਾ ਨਾਲ ਲਗਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਪਿੰਡਾਂ ਦੀਆਂ ਮੰਡੀਆਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਜਿਵੇਂ ਫਡ਼੍ਹ ਪੱਕੇ ਕਰਨੇ, ਲਾਈਟਾਂ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਨੂੰ ਜਲਦ ਨੇਪਰੇ ਚਾਡ਼੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਅਧਿਕਾਰੀ ਹਲਕੇ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਦੀ ਵਧੇਰੇ ਵਰਤੋਂ ’ਤੇ ਜ਼ੋਰ ਦਿੰਦਿਆਂ ਖੇਤਾਂ ਤੱਕ ਢੁੱਕਵੇਂ ਤਰੀਕੇ ਨਾਲ ਨਹਿਰੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਸੇਸ਼ ਤੌਰ ’ਤੇ ਕੰਮ ਕਰਨ। ਉਨ੍ਹਾਂ  ਮਗਨਰੇਗਾ ਸਕੀਮ ’ਤੇ ਵਿਸ਼ੇਸ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮਗਨਰੇਗਾ ਸਕੀਮ ਨੂੰ ਸਹੀ ਤਰੀਕੇ ਨਾਲ ਲਾਗੂ ਨਹੀ ਕੀਤਾ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਸਕਦੀ ਹੈ , ਇਸ ਲਈ ਇਸ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਪਿੰਡਾਂ ਵਿੱਚ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡਾਂ ਵਿੱਚ ਸਾਫ ਸਫਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਦੇ ਛੱਪਡ਼ਾਂ ਦੀ ਸਾਫ਼ ਸਫਾਈ ਵੱਲ ਵਿਸ਼ੇਸ ਧਿਆਨ ਦੇਣ ਲਈ ਕਿਹਾ। ਰਾਊਂਡ ਗਲਾਸ ਸੰਸਥਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਪਿੰਡ ਪਿੰਡ ਵਿੱਚ ਲੈ ਕੇ ਜਾਣ ਲਈ ਪੇਂਡੂ ਖੇਤਰਾਂ ਵਿੱਚ ਇਸ ਸਬੰਧੀ ਜਾਗਰੂਕਤਾ ਲਿਆਉਣ ਲਈ ਕਿਹਾ। ਕੈਬਨਿਟ ਮੰਤਰੀ ਅਰੋਡ਼ਾ ਨੇ ਪੰਜਾਬ ਦੀ ਤਰੱਕੀ ਦਾ ਰਾਹ ਪੇਂਡੂ ਖੇਤਰਾਂ ਵਿੱਚੋਂ ਹੋ ਕੇ ਹੀ ਲੰਘਦਾ ਹੈ ਇਸ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News