ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਲਿਤ ਵਰਗ ਦੇ ਲੋਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

04/02/2021 1:32:57 PM

ਭਵਾਨੀਗੜ੍ਹ (ਕਾਂਸਲ): ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਘਰਾਚੋਂ ਵਿਖੇ ਕੀਤੀ ਗਈ ਮੀਟਿੰਗ ਦੌਰਾਨ  7 ਅਪ੍ਰੈਲ ਨੂੰ ਡੀ.ਸੀ. ਦਫਤਰ ਸੰਗਰੂਰ ਤੋਂ ਐਸ.ਐਸ.ਪੀ. ਦਫਤਰ ਸੰਗਰੂਰ ਵੱਲ ਰੋਸ  ਮਾਰਚ ਕਰਨ ਦਾ ਐਲਾਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮੁਲੌਦ ਅਤੇ ਪਿੰਡ ਇਕਾਈ ਆਗੂ ਗੁਰਚਰਨ ਸਿੰਘ ਘਰਾਚੋਂ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ਦੀਆਂ ਬੋਲੀਆਂ ਮੌਕੇ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਲੈਣ ਲਈ ਦਲਿਤਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਉੱਪਰ ਜ਼ਬਰ ਕੀਤਾ ਜਾਂਦਾ ਹੈ।ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦਲਿਤਾਂ ਲਈ ਰਾਖਵੀਂ ਹੋਣ ਦੇ ਬਾਵਜੂਦ ਇਹ ਵਰਤਾਰਾ ਹਰ ਸਾਲ ਪਿੰਡਾਂ 'ਚ ਦੇਖਣ ਨੂੰ ਮਿਲਦਾ ਹੈ ਕਿ ਆਪਣੇ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਲਈ ਦਲਿਤਾਂ ਨੂੰ ਪੇਂਡੂ ਧਨਾਢ ਚੌਧਰੀਆਂ ਅਤੇ ਪੁਲਸ ਦੇ ਜਬਰ ਦਾ ਸਾਹਮਣਾ ਕਰਨਾ ਪੈਂਦਾ ਹੈ।

ਪੰਜਾਬ ਸਰਕਾਰ ਵੱਲੋਂ ਦਲਿਤਾਂ ਦੀਆਂ ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਕਰਜ਼ੇ ਦੀ ਮਾਰ ਝੱਲ ਰਹੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਬਜਾਏ ਮਾਈਕ੍ਰੋਫਾਇਨਾਂਸ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਹੋਣ ਲਈ ਉਨ੍ਹਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ। ਬਿਜਲੀ ਬਿੱਲ 2020 ਲਿਆ ਕੇ ਚਿੱਪ ਵਾਲੇ ਮੀਟਰਾਂ ਰਾਹੀਂ ਦਲਿਤਾਂ ਦੀ 400 ਯੂਨਿਟ ਦੀ ਮੁਆਫ਼ੀ ਨੂੰ ਕੱਟ ਲਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦਾ ਵਾਅਦਾ ਕਰ ਕੇ ਸਰਕਾਰ ਵੱਲੋਂ ਦਿੱਤੇ ਪਲਾਟ ਵੀ ਖੋਹੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਸੀਲਿੰਗ ਐਕਟ ਤੋਂ ਉੱਪਰਲੀ ਹਜ਼ਾਰਾਂ ਏਕੜ ਜ਼ਮੀਨ ਦੇ ਮਾਲਕ ਬਿਨਾਂ ਕੋਈ ਕੰਮ ਕੀਤੇ ਮੁਨਾਫ਼ਾ ਕਮਾ ਰਹੇ ਹਨ।

ਉਨ੍ਹਾਂ ਦਲਿਤਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਵਿਤਕਰੇਬਾਜ਼ੀ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ ਲੋਕਾਂ ਨੂੰ 7 ਅਪ੍ਰੈਲ ਨੂੰ ਡੀ.ਸੀ. ਦਫਤਰ ਸੰਗਰੂਰ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੇ ਪੱਕੇ ਹੱਲ ਲਈ 33 ਸਾਲਾ ਪਟੇ ਤੇ ਜ਼ਮੀਨ ਦਿੱਤੀ ਜਾਵੇ, ਸੰਘਰਸ਼ ਦਰਮਿਆਨ ਦਰਜ ਝੂਠੇ ਪਰਚੇ ਰੱਦ ਕੀਤੇ ਜਾਣ, ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਸੰਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਲਾਗੂ ਕਰਕੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾਣ, ਮਾਈਕ੍ਰੋ ਫ਼ਾਇਨਾਂਸ ਕੰਪਨੀਆਂ ਵੱਲੋਂ ਦਿੱਤਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ 'ਚ ਵੰਡੀ ਜਾਵੇ, ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦਿੱਤੇ ਜਾਣ ਅਤੇ ਉਸਾਰੀ ਲਈ ਪ੍ਰਬੰਧ ਕੀਤਾ ਜਾਵੇ, ਮਨਰੇਗਾ ਤਹਿਤ ਕੀਤੇ ਕੰਮ ਦੇ ਤੁਰੰਤ ਪੈਸੇ ਜਾਰੀ ਕਰਕੇ ਨਵਾਂ ਕੰਮ ਦਿੱਤਾ ਜਾਵੇ।ਇਸ ਮੌਕੇ ਮੀਟਿੰਗ ਨੂੰ ਮੱਘਰ ਸਿੰਘ, ਪ੍ਰਦੀਪ ਸਿੰਘ, ਸੁਖਪਾਲ ਕੌਰ, ਚਰਨਜੀਤ ਕੌਰ, ਮਹਿੰਦਰ ਕੌਰ ਅਤੇ  ਚਮਕੌਰ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਉਨ੍ਹਾਂ ਪਿੰਡ ਵੱਲੋਂ ਵਿਸ਼ਵਾਸ ਦਿਵਾਇਆ ਕਿ ਵੱਡੀ ਗਿਣਤੀ ਵਿੱਚ ਲੋਕ 7ਅਪ੍ਰੈਲ  ਨੂੰ ਸੰਗਰੂਰ ਪਹੁੰਚਣਗੇ।


Shyna

Content Editor

Related News