ਪੰਜਾਬ ’ਚ ਪਹਿਲੀ ਵਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਅਦਾਇਗੀ ਬਣਾਈ ਜਾ ਰਹੀ ਹੈ ਯਕੀਨੀ : ਮੰਤਰੀ ਕਟਾਰੂਚੱਕ

Wednesday, Oct 12, 2022 - 11:15 AM (IST)

ਸੰਗਰੂਰ(ਸਿੰਗਲਾ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਲਈ ਸੰਗਰੂਰ ਜ਼ਿਲ੍ਹੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨੇੜਲੇ ਪਿੰਡ ਚੰਗਾਲ ਦੇ ਕਿਸਾਨ ਹਰਦਿਆਲ ਸਿੰਘ ਵੱਲੋਂ ਲਿਆਂਦੀ ਗਈ ਫ਼ਸਲ ਦੀ ਖ਼ਰੀਦ ਕਰਵਾਈ ਗਈ ਅਤੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਹ ਵੀ ਪੜ੍ਹੋ- ਗੰਨਾ ਕਾਸ਼ਤਕਾਰਾਂ ਲਈ ਵੱਡੀ ਖ਼ਬਰ, CM ਮਾਨ ਨੇ ਖੰਡ ਮਿੱਲਾਂ ਨੂੰ ਦਿੱਤੇ ਸਖ਼ਤ ਹੁਕਮ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਇਸਦੇ ਨਾਲ ਹੀ ਝੋਨੇ ਦੀ ਲਿਫ਼ਟਿੰਗ ਨੂੰ ਵੀ ਤੁਰੰਤ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗ੍ਹਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ’ਚ ਲਗਭਗ 11 ਲੱਖ 50 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ’ਚੋਂ ਤਕਰੀਬਨ 10 ਲੱਖ 50 ਹਜ਼ਾਰ ਮੀਟ੍ਰਿਕ ਟਨ ਫ਼ਸਲ ਖਰੀਦੀ ਵੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਂਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ’ਚ 800 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ

ਕਟਾਰੂਚੱਕ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਆੜ੍ਹਤੀ, ਮਜ਼ਦੂਰ ਤੇ ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਬਣਾਉਣ ਦੇ ਸਿਰਫ਼ 6 ਮਹੀਨਿਆਂ ਦੇ ਅੰਦਰ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਫ਼ਸਲਾਂ ਦੀ ਸੁਚੱਜੀ ਖ਼ਰੀਦ ਦੇ ਨਾਲ-ਨਾਲ ਪੱਕੀਆਂ ਭਰਤੀਆਂ, ਹਰ ਵਰਗ ਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਵਰਗੇ ਫੈਸਲੇ ਲਾਗੂ ਕਰ ਕੇ ਰੰਗਲਾ ਪੰਜਾਬ ਬਣਾਉਣ ਵੱਲ ਅਹਿਮ ਕਦਮ ਪੁੱਟੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਣ ਮੰਡਲ ਅਫ਼ਸਰ ਮੋਨਿਕਾ ਯਾਦਵ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਪੀ. ਮਨਪ੍ਰੀਤ ਸਿੰਘ, ਡੀ.ਐੱਫ਼.ਐੱਸ.ਸੀ. ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਜਸਪਾਲ ਸਿੰਘ ਵੀ ਹਾਜ਼ਰ ਸਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News