ਸੰਗਰੂਰ ਦੀਆਂ ਸੜਕਾਂ ਤੋਂ ਮਹਾ-ਸੰਘਰਸ਼ ਸ਼ੁਰੂ ਕਰਨਗੇ ਕੰਪਿਊਟਰ ਅਧਿਆਪਕ, ਘਰ-ਘਰ ਵੰਡੇ ਜਾਣਗੇ ਪੋਸਟਰ

Wednesday, Jun 24, 2026 - 05:00 PM (IST)

ਸੰਗਰੂਰ ਦੀਆਂ ਸੜਕਾਂ ਤੋਂ ਮਹਾ-ਸੰਘਰਸ਼ ਸ਼ੁਰੂ ਕਰਨਗੇ ਕੰਪਿਊਟਰ ਅਧਿਆਪਕ, ਘਰ-ਘਰ ਵੰਡੇ ਜਾਣਗੇ ਪੋਸਟਰ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ 'ਤੇ  ਵਾਅਦਾਖਿਲਾਫੀ ਦਾ ਦੋਸ਼ ਲਗਾਉਂਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਆਪਣੇ ਹੱਕਾਂ ਦੀ ਬਹਾਲੀ ਲਈ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਵੱਡਾ ਮਹਾ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੰਗਰੂਰ ਦੀਆਂ ਸੜਕਾਂ ’ਤੇ ਤਿੱਖਾ ਪ੍ਰਦਰਸ਼ਨ ਦੇਖਣ ਨੂੰ ਮਿਲੇਗਾ। ਇਸ ਸਬੰਧੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਆਨਲਾਈਨ ਮੀਟਿੰਗ ਪ੍ਰਦੀਪ ਕੁਮਾਰ ਮਲੂਕਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਹਿਗੜ੍ਹ ਸਾਹਿਬ, ਦਵਿੰਦਰ ਪਾਠਕ, ਪਰਮਵੀਰ ਸਿੰਘ ਪੰਮੀ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕੰਪਿਊਟਰ ਅਧਿਆਪਕਾਂ ਨੂੰ ਹਲਕੇ ਵਿੱਚ ਲੈਣ ਦੀ ਭੁੱਲ ਨਾ ਕਰੇ।

ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਤੇ ਅਫ਼ਸਰ ਅਧਿਆਪਕਾਂ ਦੇ ਹੱਕਾਂ ਨੂੰ ਬਹਾਲ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਸਰਕਾਰ ਕੋਲੋਂ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਦੀ ਬਜਾਏ ਸਿਰਫ ਖੋਖਲੇ ਲਾਰੇ ਹੀ ਮਿਲੇ ਹਨ। ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਵੱਖ-ਵੱਖ ਸਮਿਆਂ ’ਤੇ ਕੰਪਿਊਟਰ ਅਧਿਆਪਕਾਂ ਦੇ ਹੱਕਾਂ ਨੂੰ ਬਹਾਲ ਕਰਨ ਦਾ ਐਲਾਨ ਕਰਕੇ ਹੁਣ ਆਪਣੇ ਬਿਆਨਾਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੇ ਹਨ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ, ਵਿੱਤ ਮੰਤਰੀ ਦੇ ਨਾਲ ਨਾਲ ਵੱਖ ਵੱਖ ਅਧਿਕਾਰੀਆਂ ਦੇ ਨਾਲ ਪਿਛਲੇ 5 ਸਾਲਾਂ ਵਿਚ 150 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ।

ਆਗੂਆਂ ਨੇ ਐਲਾਨ ਕੀਤਾ ਕਿ ਹੁਣ ਕੰਪਿਊਟਰ ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ ਅਤੇ ਹੁਣ ਸਾਲ 2024 ਦੀ ਤਰ੍ਹਾਂ ਇਕ ਵਾਰ ਫਿਰ ਸੰਗਰੂਰ ਦੀਆਂ ਸੜਕਾਂ ’ਤੇ ਮਹਾ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸੰਘਰਸ਼ ਦੇ ਦੌਰਾਨ ਮੁੱਖ ਮੰਤਰੀ , ਵਿੱਤ ਮੰਤਰੀ ਦੇ ਨਾਲ-ਨਾਲ ਪਾਰਟੀ ਪ੍ਰਧਾਪ ਦੇ ਨਿਵਾਸ ਸਥਾਨਾਂ ਅੱਗੇ ਲਗਾਤਾਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਹਲਕਾ ਸੰਗਰੂਰ, ਧੂਰੀ ਅਤੇ ਸੁਨਾਮ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਸਰਕਾਰ ਵੱਲੋਂ ਕੀਤੀ ਗਈ ਵਾਅਦਾਖਿਲਾਫੀ ਦੀ ਪੂਰੀ ਕਹਾਣੀ ਬਿਆਨ ਕਰਦੇ ਹੋਏ ਪੋਸਟਰ ਘਰ-ਘਰ ਜਾ ਕੇ ਵੰਡੇ ਜਾਣਗੇ ਅਤੇ ਪੰਜਾਬ ਦੇ ਹਰ ਸ਼ਹਿਰ ਦੇ ਵੱਡੇ ਚੌਕਾਂ ਵਿਚ ਕੰਪਿਊਟਰ ਅਧਿਆਪਕਾਂ ਦੇ ਨਾਲ ਸਰਕਾਰ ਵੱਲੋਂ ਕੀਤੀ ਗਈ ਬੇਇਨਸਾਫ਼ੀ ਦੀ ਕਹਾਣੀ ਬਿਆਨ ਕਰਦੇ ਹੋਏ ਵੱਡੇ-ਵੱਡੇ ਹੋਰਡਿੰਗਜ਼ ਲਗਾਏ ਜਾਣਗੇ ਤਾਂ ਜੋ ਜਨਤਾ ਦੇ ਸਾਹਮਣੇ ਸਰਕਾਰ ਦਾ ਅਸਲੀ ਚਿਹਰਾ ਨੰਗਾ ਕੀਤਾ ਜਾ ਸਕੇ। ਸੰਗਰੂਰ ਵਿਖੇ ਸ਼ੁਰੂ ਹੋਣ ਵਾਲੇ ਇਸ ਮਹਾ ਸੰਘਰਸ਼ ਨੂੰ ਸਫਲ ਬਣਾਉਣ ਲਈ ਕੰਪਿਊਟਰ ਅਧਿਆਪਕਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸੂਬੇ ਦੀਆਂ ਸਮੂਹ ਕਰਮਚਾਰੀ ਜਥੇਬੰਦੀਆਂ ਦੇ ਨਾਲ-ਨਾਲ ਪ੍ਰਮੁੱਖ ਕਿਸਾਨ ਜਥੇਬੰਦੀਆਂ ਵੱਲੋਂ ਵੀ ਇਸ ਸੰਘਰਸ਼ ਵਿਚ ਉਨ੍ਹਾਂ ਦਾ ਡੱਟ ਕੇ ਸਾਥ ਦੇਣ ਦਾ ਪੂਰਨ ਭਰੋਸਾ ਦਿੱਤਾ ਗਿਆ ਹੈ।

ਅਧਿਆਪਕ ਜਥੇਬੰਦੀ ਨੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਉਨ੍ਹਾਂ ਦੇ ਬਣਦੇ ਹੱਕਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਇਸ ਦਾ ਬਹੁਤ ਵੱਡਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ, ਬਲਕਿ ਉਹ ਚਾਹੁੰਦੇ ਹਨ ਕਿ ਬਾਕੀ ਕਰਮਚਾਰੀਆਂ ਦੀ ਤਰ੍ਹਾਂ ਉਨ੍ਹਾਂ ਨੂੰ ਵੀ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ ਅਤੇ ਸਾਰੇ ਅਧਿਕਾਰ ਬਹਾਲ ਕੀਤੇ ਜਾਣ। ਇਸ ਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਦਾ ਲਾਭ ਵੀ ਲਾਗੂ ਕੀਤਾ ਜਾਵੇ।


author

Anmol Tagra

Content Editor

Related News