ਸਿੱਖਿਆ ਮੰਤਰੀ ਹੁਣ ਨੈਤਿਕਤਾ ਦੇ ਆਧਾਰ ’ਤੇ ਦੇਣ ਅਸਤੀਫ਼ਾ : ਰਾਜਦੇਵ ਖ਼ਾਲਸਾ

06/26/2022 6:19:39 PM

ਸੰਗਰੂਰ (ਜ.ਬ) : ਸਾਬਕਾ ਸਾਂਸਦ ਅਤੇ ਸੀਨੀਅਰ ਐਡਵੋਕੇਟ ਸ਼ਰਧਾ ਰਾਜ ਰਾਜਦੇਵ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿਥੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਜਿੱਤਣ ’ਤੇ ਵਧਾਈ ਦਿੱਤੀ ਹੈ। ਉੱਥੇ ਹੀ ਉਨ੍ਹਾਂ ਸੂਬੇ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ। ਖ਼ਾਲਸਾ ਨੇ ਕਿਹਾ ਕਿ ਮੈਂ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਮਗਰੋਂ ਖੁੱਲ੍ਹੇ ਤੌਰ ’ਤੇ ਸਿਮਰਨਜੀਤ ਸਿੰਘ ਮਾਨ ਦੀ ਮੱਦਦ ਕਰਨ ਦਾ ਐਲਾਨ ਕੀਤਾ ਸੀ ਅਤੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸਿਮਰਨਜੀਤ ਸਿੰਘ ਮਾਨ ਨੂੰ ਵੱਡੀ ਲੀਡ ਪ੍ਰਾਪਤ ਹੋਈ ਹੈ।

ਉਨ੍ਹਾਂ ਕਿਹਾ ਵਿਧਾਨ ਸਭਾ ਹਲਕਾ ਤੋਂ ਲਗਾਤਾਰ ਦੋ ਵਾਰ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਹਨ ਜੋ ਇਸ ਵੇਲੇ ਸੂਬੇ ਦੇ ਸਿੱਖਿਆ ਅਤੇ ਖੇਡ ਮੰਤਰੀ ਹਨ। ਉਨ੍ਹਾਂ ਕਿਹਾ ਹੁਣ ਜਦੋਂ ਹਲਕੇ ਦੇ ਲੋਕਾਂ ਨੇ ਉਨ੍ਹਾਂ ਤੋਂ ਫਤਵਾ ਵਾਪਸ ਲੈ ਲਿਆ ਹੈ ਤਾਂ ਉਨ੍ਹਾਂ ਨੂੰ ਹੁਣ ਨੈਤਿਕਤਾ ਦੇ ਆਧਾਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ। ਇੱਥੇ ਜ਼ਿਕਰਯੋਗ ਹੈ ਕਿ 1989 ਵਿਚ ਰਾਜਦੇਵ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ।


Gurminder Singh

Content Editor

Related News