ਮਜ਼ਦੂਰ ਦਿਵਸ ਮੌਕੇ 8 ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਰੁਪਏ ਕਰਨ ਦੀ ਮੰਗ
Friday, May 01, 2026 - 11:42 AM (IST)
ਮਹਿਲ ਕਲਾਂ (ਹਮੀਦੀ): ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਮਹਿਲ ਕਲਾਂ ਦੀ ਅਨਾਜ ਮੰਡੀ ਅਤੇ ਐੱਫ.ਸੀ.ਆਈ. ਦੇ ਗੁਦਾਮਾਂ ਵਿਖੇ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਯੂਨੀਅਨ ਵੱਲੋਂ ਮਜ਼ਦੂਰਾਂ ਦੀ ਵੱਡੀ ਹਾਜ਼ਰੀ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਭਾਂਬੜ ਅਤੇ ਐਫ.ਸੀ.ਆਈ. ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕੀਤੀ।ਕਾਰਜਕ੍ਰਮ ਦੀ ਸ਼ੁਰੂਆਤ ਅਮਰੀਕਾ ਦੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ, ਜਿਨ੍ਹਾਂ ਨੇ ਮਜ਼ਦੂਰ ਹੱਕਾਂ ਲਈ ਆਪਣੀਆਂ ਕੁਰਬਾਨੀਆਂ ਦੇ ਕੇ ਅੱਠ ਘੰਟੇ ਕੰਮ ਦੇ ਕਾਨੂੰਨ ਦੀ ਨੀਂਹ ਰੱਖੀ। ਇਸ ਉਪਰੰਤ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮਜ਼ਦੂਰ ਏਕਤਾ ਦੇ ਨਾਅਰੇ ਗੂੰਜੇ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਰਾਜ ਸਿੰਘ ਭਾਂਬੜ, ਮੀਤ ਪ੍ਰਧਾਨ ਜਰਨੈਲ ਸਿੰਘ ਬਰਨਾਲਾ, ਐਫ.ਸੀ.ਆਈ. ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਸੈਕਟਰੀ ਗੁਰਮੇਲ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਲਈ ਹੋਈ ਇਤਿਹਾਸਕ ਲੜਾਈ ਨੇ ਦੁਨੀਆ ਭਰ ਵਿੱਚ ਮਜ਼ਦੂਰ ਵਰਗ ਨੂੰ ਮਾਣ-ਸਨਮਾਨ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਮਜ਼ਦੂਰ ਵਿਰੋਧੀ ਕਾਨੂੰਨਾਂ ਨਾਲ ਮਜ਼ਦੂਰਾਂ ਦੇ ਹੱਕਾਂ ਉੱਤੇ ਕਟੌਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਠ ਘੰਟੇ ਕੰਮ ਦੇ ਕਾਨੂੰਨ ਨਾਲ ਕਿਸੇ ਵੀ ਕਿਸਮ ਦੀ ਚੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਜ਼ਦੂਰਾਂ ਦੀ ਦਿਹਾੜੀ 400 ਰੁਪਏ ਤੋਂ ਵਧਾ ਕੇ ਘੱਟੋ-ਘੱਟ 700 ਰੁਪਏ ਕਰਨ ਦੀ ਲੋੜ ਹੈ। ਇਸ ਮੌਕੇ ਸਰਪੰਚ ਸਰਬਜੀਤ ਸਿੰਘ ਸੰਭੂ, ਅਰੁਣ ਕੁਮਾਰ ਬਾਸਲ ਅਤੇ ਸਤੀਸ਼ ਕੁਮਾਰ ਮਹਿਰਕਲਾਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅੱਗੇ ਮਜ਼ਬੂਤੀ ਨਾਲ ਰੱਖਿਆ ਜਾਵੇਗਾ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਵਿੱਚ ਉਹ ਪੂਰੀ ਤਰ੍ਹਾਂ ਨਾਲ ਖੜੇ ਹਨ।ਮਜ਼ਦੂਰ ਆਗੂ ਕਾਮਰੇਡ ਬਲੌਰ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ, ਕਾਲਾ ਸਿੰਘ, ਗੁਰਮੀਤ ਸਿੰਘ ਸਮੇਤ ਹੋਰ ਆਗੂਆਂ ਨੇ ਮਜ਼ਦੂਰ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਸਮਾਗਮ ਦੇ ਅੰਤ ਵਿੱਚ ਮਜ਼ਦੂਰਾਂ ਵਿਚ ਲੱਡੂ ਅਤੇ ਬਦਾਣਾ ਵੰਡ ਕੇ ਖੁਸ਼ੀ ਮਨਾਈ ਗਈ।
