ਟੈੱਟ ਪਾਸ ਬੇਰੋਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਦਾ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ
Thursday, Nov 01, 2018 - 01:40 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੋਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਸੂਬਾ ਕਮੇਟੀ ਦਾ ਵਫਦ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਮਿਲਿਆ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗਡ਼੍ਹ ਦਫਤਰ ਵਿਖੇ ਮੰਤਰੀ ਨਾਲ ਚਰਚਾ ਕਰਦਿਆਂ ਵਫਦ ਵੱਲੋਂ ਸਰਕਾਰੀ ਸਕੂਲਾਂ ’ਚ ਸਾਰੀਆਂ ਖਾਲੀ ਅਸਾਮੀਆਂ ਭਰਨ, ਨਵੀਆਂ ਅਸਾਮੀਆਂ ਸਿਰਜਣ, ਅਧਿਆਪਕ-ਵਿਦਿਆਰਥੀ ਅਨੁਪਾਤ ਤਰਕਸੰਗਤ ਕਰਨ, ਇਕ ਅਧਿਆਪਕ ਨੂੰ ਦੂਜੇ ਵਿਸ਼ੇ ਦਾ ਕੰਮ ਨਾ ਦੇਣ, ਭਰਤੀ ਸਬੰਧੀ ਇਸ਼ਤਿਹਾਰ ਜਲਦ ਜਾਰੀ ਕਰ ਕੇ ਸਮੇਂ ਸਿਰ ਪ੍ਰਕਿਰਿਆ ਪੂਰੀ ਕਰਨ, ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸਿੱਖਿਆ ਖੇਤਰ ਲਈ ਕੀਤੇ ਵਾਅਦੇ ਪੂਰੇ ਕਰਨ ਸਬੰਧੀ ਗੱਲਬਾਤ ਕੀਤੀ ਗਈ।
ਸਿੱਖਿਆ ਮੰਤਰੀ ਸੋਨੀ ਵੱਲੋਂ ਆਗੂਆਂ ਨੂੰ ਭਰੋਸਾ ਦਿੰਦਿਆਂ ਸਾਰੀਆਂ ਮੰਗਾਂ ’ਤੇ ਵਿਚਾਰ ਕਰਨ ਦੀ ਗੱਲ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਨਵੰਬਰ ਮਹੀਨੇ ਤੱਕ ਜਾਰੀ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਵਫਦ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਜਨਰਲ ਸਕੱਤਰ ਗੁਰਜੀਤ ਕੌਰ ਖੇਡ਼ੀ, ਸੂਬਾ ਆਗੂ ਬਲਕਾਰ ਬਠਿੰਡਾ, ਜਸਵੀਰ ਕੌਰ, ਸੰਦੀਪ ਗਿੱਲ, ਨਵਜੀਵਨ ਸਿੰਘ ਹਾਜ਼ਰ ਸਨ।