ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸਰਪਰਸਤੀ ਤੋਂ ਦਿੱਤਾ ਅਸਤੀਫ਼ਾ
Saturday, Mar 08, 2025 - 06:09 PM (IST)

ਲੌਂਗੋਵਾਲ (ਵਸ਼ਿਸਟ) : ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਸਰਪ੍ਰਸਤ ਜਥੇਦਾਰ ਉਦੈ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਸਰਪ੍ਰਸਤੀ ਤੋਂ ਅਸਤੀਫਾ ਦੇ ਦਿੱਤਾ ਹੈ। ਜਥੇਦਰ ਨੇ ਇਹ ਅਸਤੀਫਾ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜ ਦਿੱਤਾ ਹੈ । ਜਥੇਦਾਰ ਉਦੈ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆ ਹਨ।
ਉਨ੍ਹਾਂ ਕਿਹਾ ਕਿ ਸਿੱਖ ਪੰਥ ਕਦੇ ਵੀ ਬਾਦਲ ਪਰਿਵਾਰ ਨੂੰ ਮੁਆਫ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸਮੁੱਚਾ ਪੰਥ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਮੰਨਣ ਨੂੰ ਤਿਆਰ ਨਹੀਂ ਤਾਂ ਉਨ੍ਹਾਂ ਨੂੰ ਇਹ ਆਪਣੀ ਜਿੱਦ ਛੱਡ ਦੇਣੀ ਚਾਹੀਦੀ ਹੈ ਨਹੀਂ ਤਾਂ ਸਿੱਖ ਪੰਥ ਆਉਣ ਵਾਲੇ ਸਮੇਂ ਵਿਚ ਸੁਖਬੀਰ ਬਾਦਲ ਦੀ ਜੁੰਡਲੀ ਨੂੰ ਠੋਕਵਾਂ ਜਵਾਬ ਦੇਣ ਲਈ ਤਿਆਰ ਬੈਠਾ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਅਸਤੀਫਾ ਸੁਖਬੀਰ ਬਾਦਲ ਦੀਆਂ ਨੀਤੀਆਂ ਕਰਕੇ ਦੇ ਰਿਹਾ ਹਾਂ।