ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
Saturday, May 02, 2026 - 03:58 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਅੱਜ ਸਥਾਨਕ ਕਚਹਿਰੀ ਚੌਂਕ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਰੰਧਾਵਾ ਦਾ ਪੁਤਲਾ ਫੂਕਿਆ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਕਿ ਸਾਡੀ ਪਾਰਟੀ ਹਮੇਸ਼ਾ ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਐਨ.ਐਸ.ਏ. ਹਟਾਉਣ ਦੇ ਵਿਰੁੱਧ ਜੋ ਬਿਆਨਬਾਜ਼ੀ ਕੀਤੀ ਗਈ ਹੈ, ਉਸ ਨਾਲ ਕਾਂਗਰਸ ਦਾ ਅਸਲੀ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਗਿੰਦੀ ਨੇ ਕਿਹਾ ਕਿ ਪਹਿਲਾਂ ਕਾਂਗਰਸੀ ਕਹਿੰਦੇ ਸਨ ਕਿ ਇਹ ਕਾਰਵਾਈ ਸੂਬਾ ਅਤੇ ਕੇਂਦਰ ਸਰਕਾਰ ਨੇ ਕੀਤੀ ਹੈ ਪਰ ਹੁਣ ਉਨ੍ਹਾਂ ਦੇ ਆਪਣੇ ਬਿਆਨਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਅੰਦਰੋਂ ਕੀ ਚਾਹੁੰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ਅਪਣਾ ਕੇ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਕਾਂਗਰਸੀਆਂ ਨੂੰ ਡਰ ਸਤਾ ਰਿਹਾ ਹੈ ਕਿ ਚੋਣਾਂ ਵਿੱਚ ਕਿਧਰੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦਾ ਪ੍ਰਭਾਵ ਨਾ ਵਧ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਚੋਣਾਂ ਲੜਦੀ ਹੈ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਜਨਰਲ ਸਕੱਤਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ ਸ਼ੁਤਰਾਣਾ, ਗੁਰਮੇਲ ਸਿੰਘ ਸੰਧੂ ਪੱਤੀ, ਪੂਰਨ ਸਿੰਘ, ਬੂਟਾ ਸਿੰਘ, ਭੋਲਾ ਸਿੰਘ ਸਹੋਤਾ, ਰਣਜੀਤ ਸਿੰਘ, ਅਵਤਾਰ ਸਿੰਘ, ਜਗਦੀਪ ਸਿੰਘ ਅਤੇ ਸੁਰਜੀਤ ਸਿੰਘ ਆਸਟਰੇਲੀਆ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਨਕਾਰਾਤਮਕ ਬਿਆਨਬਾਜ਼ੀ ਬੰਦ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
