CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ 'ਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਥਾਪੜੀ ਪਿੱਠ

Thursday, Aug 17, 2023 - 06:29 PM (IST)

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੀ ਜੇਤੂ ਟੀਮ 'ਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਥਾਪੜੀ ਪਿੱਠ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ 'ਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ 'ਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ 'ਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ 'ਚ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। 

PunjabKesari

ਇਹ ਵੀ ਪੜ੍ਹੋ- ਪਾਕਿ ਟੀਮ ਨੂੰ ਲੱਗਾ ਵੱਡਾ ਝਟਕਾ, ਵਿਸ਼ਵ ਕੱਪ ਤੋਂ ਠੀਕ ਪਹਿਲਾਂ ਸਟਾਰ ਤੇਜ਼ ਗੇਂਦਬਾਜ਼ ਨੇ ਲਿਆ ਸੰਨਿਆਸ
ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ 'ਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ 'ਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ 'ਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1975 ਦੇ ਹਾਕੀ ਵਿਸ਼ਵ ਕੱਪ 'ਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਦੀ ਅਗਵਾਈ ਪੰਜਾਬ ਦੇ ਪੁੱਤਰ ਅਜੀਤ ਪਾਲ ਸਿੰਘ ਨੇ ਕੀਤੀ ਸੀ। 

PunjabKesari
ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ 'ਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰਕੇ ਇਹ ਖੇਡ ਖੇਤਰ 'ਚ ਬਹੁਤ ਪੱਛੜ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ 'ਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। 

ਇਹ ਵੀ ਪੜ੍ਹੋ- ਰੋਨਾਲਡੋ ਦੀ ਰਾਹ 'ਤੇ ਨੇਮਾਰ, ਸਾਊਦੀ ਅਰਬ ਦੇ ਕਲੱਬ ਅਲ ਹਿਲਾਲ ਨਾਲ ਜੁੜੇ, ਕਮਾਉਣਗੇ ਹਜ਼ਾਰਾਂ ਕਰੋੜ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਖੇਡਾਂ ਖ਼ਾਸ ਕਰਕੇ ਹਾਕੀ ਦਾ ਹੋਰ ਵੀ ਪਾਸਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਬਹਾਲੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ 'ਚ ਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News