ਰਾਸ਼ਟਰਮੰਡਲ ਖੇਡਾਂ ''ਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ CM ਮਾਨ ਅੱਜ ਕਰਨਗੇ ਸਨਮਾਨਿਤ
Saturday, Aug 27, 2022 - 10:06 AM (IST)
ਚੰਡੀਗੜ੍ਹ (ਬਿਊਰੋ)- ਬਰਮਿੰਘਮ ਵਿਖੇ ਹਾਲ ਹੀ ’ਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ’ਚ ਦੇਸ਼ ਦਾ ਨਾਂ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਅੱਜ ਚੰਡੀਗੜ੍ਹ ਵਿਖੇ ਹੋਣ ਵਾਲੇ ਇਸ ਸਨਮਾਨ ਸਮਾਰੋਹ ਸਮਾਗਮ ’ਚ ਮੁੱਖ ਮੰਤਰੀ ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ, ਜਿਸ ਤਹਿਤ ਸੂਬੇ ਦਾ ਨਾਂ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 29 ਅਗਸਤ ਨੂੰ ਪੰਜਾਬ ’ਚ ਖੇਡਾਂ ਦਾ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ ਸ਼ੁਰੂ ਹੋ ਰਿਹਾ ਹੈ। ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ’ਚ ਚਾਂਦੀ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।