ਏਸ਼ੀਅਨ ਗੇਮਜ਼ ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਸੋਨ ਤਗਮਾ, ਹਰਮਨਪ੍ਰੀਤ ਕੌਰ ਦੇ ਪਿਤਾ ਨੇ ਕਿਹਾ—ਧੀਆਂ ਨੂੰ ਅੱਗੇ ਵਧਣ ਦੇ ਮੌਕੇ ਦਿਓ
Wednesday, Sep 23, 2026 - 01:45 PM (IST)
ਮੋਗਾ (ਕਸ਼ਿਸ਼ ਸਿੰਗਲਾ)- ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕਰ ਲਿਆ। ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 216 ਦੌੜਾਂ ਬਣਾਈਆਂ, ਜਦਕਿ ਸ਼੍ਰੀਲੰਕਾ ਦੀ ਟੀਮ 15.4 ਓਵਰਾਂ ਵਿੱਚ ਸਿਰਫ਼ 69 ਦੌੜਾਂ ’ਤੇ ਆਲਆਊਟ ਹੋ ਗਈ।
ਇਸ ਇਤਿਹਾਸਕ ਜਿੱਤ ਤੋਂ ਬਾਅਦ ਮੋਗਾ ਦੀ ਧੀ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦਾ ਪਰਿਵਾਰ ਵੀ ਖੁਸ਼ੀ ਵਿੱਚ ਡੁੱਬਿਆ ਹੋਇਆ ਹੈ। ਹਰਮਨਪ੍ਰੀਤ ਕੌਰ ਦੇ ਪਿਤਾ ਹਰਿਮੰਦਰ ਸਿੰਘ ਨੇ ਇਸ ਜਿੱਤ ਨੂੰ ਪੂਰੇ ਪਰਿਵਾਰ ਅਤੇ ਦੇਸ਼ ਲਈ ਮਾਣ ਵਾਲਾ ਪਲ ਦੱਸਿਆ ਹੈ।
ਹਰਮੰਦਰ ਸਿੰਘ ਨੇ ਕਿਹਾ ਕਿ ਭਾਰਤੀ ਟੀਮ ਨੇ ਪੂਰੀ ਇਕਜੁੱਟਤਾ ਨਾਲ ਖੇਡਦਿਆਂ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀ ਇਸ ਕਾਮਯਾਬੀ ਤੋਂ ਹਰ ਮਾਪੇ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਦਾ ਸਾਫ਼ ਸੰਦੇਸ਼ ਹੈ ਕਿ ਧੀਆਂ ਨੂੰ ਪਿੱਛੇ ਨਾ ਰੋਕੋ, ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੇ ਸੁਪਨੇ ਪੂਰੇ ਕਰਨ ਦਾ ਪੂਰਾ ਮੌਕਾ ਦਿਓ।
ਉਨ੍ਹਾਂ ਕਿਹਾ ਕਿ ਖੇਡ ਹੋਵੇ ਜਾਂ ਪੜ੍ਹਾਈ, ਜੇਕਰ ਬੱਚਿਆਂ ਨੂੰ ਪਰਿਵਾਰ ਦਾ ਸਹਿਯੋਗ, ਸਹੀ ਮੌਕਾ ਅਤੇ ਆਪਣੀ ਮਿਹਨਤ ਮਿਲ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਵੱਡੀ ਕਾਮਯਾਬੀ ਹਾਸਲ ਕਰ ਸਕਦੇ ਹਨ। ਹਰਮੰਦਰ ਸਿੰਘ ਨੇ ਕਿਹਾ ਕਿ ਅੱਜ ਭਾਰਤੀ ਮਹਿਲਾ ਟੀਮ ਨੇ ਸੋਨ ਤਗਮਾ ਜਿੱਤ ਕੇ ਦੇਸ਼ ਦੇ ਨਾਲ-ਨਾਲ ਪੰਜਾਬ ਅਤੇ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਧੀ ਦੀ ਕਾਮਯਾਬੀ ਪਿੱਛੇ ਸਿਰਫ਼ ਉਸਦੀ ਮਿਹਨਤ ਨਹੀਂ ਹੁੰਦੀ, ਸਗੋਂ ਪਰਿਵਾਰ ਵੱਲੋਂ ਦਿੱਤਾ ਗਿਆ ਹੌਸਲਾ ਅਤੇ ਮੌਕਾ ਵੀ ਅਹਿਮ ਹੁੰਦਾ ਹੈ। ਉਨ੍ਹਾਂ ਹੋਰ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਧੀਆਂ ਦੀ ਕਾਬਲੀਅਤ ’ਤੇ ਭਰੋਸਾ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਨਾ ਰੋਕਣ।
ਉੱਥੇ ਹੀ ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹਰਮਨਪ੍ਰੀਤ ਕੌਰ ਨੂੰ ਵੱਡਾ ਸਨਮਾਨ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਗਿਆ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਜਿੱਤ ਵਿੱਚ ਸਮ੍ਰਿਤੀ ਮੰਧਾਨਾ ਨੇ 45 ਗੇਂਦਾਂ ’ਤੇ 79 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਜਦਕਿ ਸ਼ੈਫਾਲੀ ਵਰਮਾ ਨੇ 48 ਅਤੇ ਰਿਚਾ ਘੋਸ਼ ਨੇ ਨਾਬਾਦ 49 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ ਸਿਰਫ਼ 69 ਦੌੜਾਂ ’ਤੇ ਸਮੇਟ ਦਿੱਤਾ।
ਹਰਮਨਪ੍ਰੀਤ ਕੌਰ ਦੇ ਪਿਤਾ ਨੇ ਅੰਤ ਵਿੱਚ ਕਿਹਾ ਕਿ ਇਹ ਸਿਰਫ਼ ਇੱਕ ਸੋਨ ਤਗਮਾ ਨਹੀਂ, ਸਗੋਂ ਦੇਸ਼ ਦੀਆਂ ਲੱਖਾਂ ਧੀਆਂ ਲਈ ਇੱਕ ਸੰਦੇਸ਼ ਹੈ ਕਿ ਜੇਕਰ ਉਨ੍ਹਾਂ ਨੂੰ ਮੌਕਾ ਅਤੇ ਪਰਿਵਾਰ ਦਾ ਸਾਥ ਮਿਲੇ ਤਾਂ ਉਹ ਦੁਨੀਆ ਦੇ ਕਿਸੇ ਵੀ ਮੰਚ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੀਆਂ ਹਨ।
