ਭਾਰਤ ਵੱਡੀ ਖੇਡ ਸ਼ਕਤੀ ਬਣਨ ਵੱਲ ਅੱਗੇ ਵਧ ਰਿਹਾ ਹੈ : ਰਾਸ਼ਟਰਪਤੀ ਮੁਰਮੂ
Wednesday, Jan 31, 2024 - 06:31 PM (IST)
ਨਵੀਂ ਦਿੱਲੀ, (ਭਾਸ਼ਾ)- ਸਰਕਾਰ ਵਲੋਂ ਦੇਸ਼ ਵਿਚ ਖੇਡਾਂ ਅਤੇ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਮਦਦ ਨੂੰ ਬੇਮਿਸਾਲ ਦੱਸਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੀ ਨੌਜਵਾਨ ਸ਼ਕਤੀ ਨੂੰ ਹੁਨਰ ਦੇਣਾ ਚਾਹੀਦਾ ਹੈ। ਇਸ ਨੂੰ ਰੁਜ਼ਗਾਰ ਨਾਲ ਜੋੜਨ ਲਈ ਖੇਡ ਆਧਾਰਿਤ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਭਾਰਤ ਵੱਡੀ ਖੇਡ ਸ਼ਕਤੀ ਬਣਨ ਵੱਲ ਵਧ ਰਿਹਾ ਹੈ।
ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ, “ਅਸੀਂ ਖੇਡ ਆਧਾਰਿਤ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਾਂ। ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਬੇਮਿਸਾਲ ਮਦਦ ਦਿੱਤੀ ਹੈ। ਅੱਜ ਭਾਰਤ ਇੱਕ ਵੱਡੀ ਖੇਡ ਸ਼ਕਤੀ ਬਣਨ ਵੱਲ ਵਧ ਰਿਹਾ ਹੈ।'' ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਨਾਲ-ਨਾਲ ਸਰਕਾਰ ਇਸ ਨਾਲ ਜੁੜੇ ਹੋਰ ਖੇਤਰਾਂ 'ਤੇ ਵੀ ਜ਼ੋਰ ਦੇ ਰਹੀ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਇੱਕ ਰਾਸ਼ਟਰੀ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ ਅਤੇ ਦੇਸ਼ ਵਿੱਚ ਦਰਜਨਾਂ ‘ਸੈਂਟਰ ਆਫ਼ ਐਕਸੀਲੈਂਸ’ ਬਣਾਏ ਗਏ ਹਨ, ਜੋ ਨੌਜਵਾਨਾਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਚੁਣਨ ਦਾ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਬੰਧਤ ਉਦਯੋਗਾਂ ਨੂੰ ਵੀ ਹਰ ਤਰ੍ਹਾਂ ਦੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ, "ਪਿਛਲੇ 10 ਸਾਲਾਂ ਵਿੱਚ, ਭਾਰਤ ਨੇ ਕਈ ਅੰਤਰਰਾਸ਼ਟਰੀ ਖੇਡਾਂ ਨਾਲ ਸਬੰਧਤ ਸਮਾਗਮਾਂ ਦਾ ਸ਼ਾਨਦਾਰ ਆਯੋਜਨ ਕੀਤਾ ਹੈ।"