ਸੁਰਜੀਤ ਹਾਕੀ: ਇੰਡੀਅਨ ਆਇਲ ਮੁੰਬਈ ਨੇ ਇੰਡੀਅਨ ਰੇਲਵੇ ਨੂੰ ਹਰਾ ਕੇ ਜਿੱਤਿਆ ਖਿਤਾਬ
Sunday, Nov 02, 2025 - 10:38 AM (IST)
ਸਪੋਰਟਸ ਡੈਸਕ- 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲੇ ਵਿੱਚ ਇੰਡੀਅਨ ਆਇਲ ਮੁੰਬਈ ਨੇ ਭਾਰਤੀ ਰੇਲਵੇ ਦਿੱਲੀ ਨੂੰ 2-1 ਦੇ ਫਰਕ ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਤੇ ਕੁੱਲ ਸੱਤਵੀਂ ਵਾਰ ਜਿੱਤ ਹਾਸਲ ਕੀਤੀ ਹੈ। ਇੱਥੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਏ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ-ਨਾਲ 5.51 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਰਨਰ ਅੱਪ ਟੀਮ ਨੂੰ ਰਨਰ ਅੱਪ ਟਰਾਫੀ ਦੇ ਨਾਲ ਢਾਈ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।
ਇੰਡੀਅਨ ਆਇਲ ਟੀਮ ਦੇ ਤਲਵਿੰਦਰ ਸਿੰਘ ਨੂੰ ਟੂਰਨਾਮੈਂਟ ਦਾ ਬਿਹਤਰੀਨ ਖਿਡਾਰੀ ਐਲਾਨਿਆ ਗਿਆ, ਉਸ ਨੂੰ ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਓਲੰਪੀਅਨ ਹਰਮਨਪ੍ਰੀਤ ਸਿੰਘ ਨੂੰ ਟੂਰਨਾਮੈਂਟ ਦਾ ਸਰਵੋਤਮ ਸਕੋਰਰ ਐਲਾਨਿਆ ਗਿਆ, ਉਸ ਨੂੰ 51 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ। ਪੰਜਾਬ ਸਰਕਾਰ ਵਲੋਂ ਬਜਟ ਵਿੱਚ ਵਾਧਾ ਕਰ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸੁਰਜੀਤ ਹਾਕੀ ਸੁਸਾਇਟੀ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ, ਪਵਨ ਟੀਨੂੰ, ਦਿਨੇਸ਼ ਢੱਲ, ਨਿਤਨ ਕੋਹਲੀ, ਓਲੰਪੀਅਨ ਗੁਰਮੇਲ ਸਿੰਘ, ਰਾਜਬੀਰ ਕੌਰ, ਰਾਜਵਿੰਦਰ ਕੌਰ ਥਿਆੜਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
